Punjab Assembly Session ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਇਜਲਾਸ ਸੋਮਵਾਰ ਤੋਂ
ਚਰਨਜੀਤ ਭੁੱਲਰ
ਚੰਡੀਗੜ੍ਹ, 23 ਫਰਵਰੀ
Punjab Assembly ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਭਲਕੇ ਸੋਮਵਾਰ ਨੂੰ ਸ਼ੁਰੂ ਹੋ ਰਿਹਾ ਹੈ। ਬਜਟ ਇਜਲਾਸ ਤੋਂ ਐਨ ਪਹਿਲਾਂ ਹੋ ਰਹੇ ਇਸ ਸੈਸ਼ਨ ’ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖ਼ਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਖਰੜੇ ਦੇ ਵਿਰੋਧ ’ਚ ਮਤਾ ਪਾਸ ਕੀਤੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ਦੌਰਾਨ ਕੌਮੀ ਖੇਤੀ ਮੰਡੀ ਨੀਤੀ ਖ਼ਿਲਾਫ਼ ਅਜਿਹਾ ਮਤਾ ਲਿਆ ਸਕਦੀ ਹੈ।
ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਦਾ ਸੈਸ਼ਨ ਭਲਕੇ 11 ਵਜੇ ਸ਼ੁਰੂ ਹੋਵੇਗਾ ਅਤੇ ਸਦਨ ਵਿੱਚ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਉਪਰੰਤ ਵਿਧਾਨਿਕ ਕੰਮ-ਕਾਰ ਹੋਵੇਗਾ। ਇਹ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸਮਾਗਮ ਹੋਵੇਗਾ। ਇਸ ਉਪਰੰਤ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਹੋਵੇਗਾ। ਇਸੇ ਤਰ੍ਹਾਂ ਸਦਨ ’ਚ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਹੋਣਗੀਆਂ।
ਵਿਧਾਨ ਸਭਾ ਦਾ ਸੈਸ਼ਨ ਲੰਮਾ ਹੋਵੇ: ਪਰਗਟ ਸਿੰਘ
ਹਾਲੀਆ ਜ਼ਿਮਨੀ ਚੋਣਾਂ ਵਿਚ ਜੇਤੂ ਰਹੇ ਨਵੇਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਕੁਲਦੀਪ ਸਿੰਘ ਬਰਨਾਲਾ, ਗੁਰਦੀਪ ਸਿੰਘ ਰੰਧਾਵਾ ਅਤੇ ਡਾ. ਇਸ਼ਾਂਕ ਕੁਮਾਰ ਪਹਿਲੀ ਵਾਰ ਸਦਨ ਵਿੱਚ ਬੈਠਣਗੇ। ਕਾਂਗਰਸੀ ਵਿਧਾਇਕ ਪਰਗਟ ਸਿੰਘ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਲੰਮਾ ਹੋਣਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਭਖਦੇ ਮੁੱਦਿਆਂ ’ਤੇ ਚਰਚਾ ਹੋ ਸਕੇ।