ਪੰਜਾਬ ਭਾਜਪਾ ਵੱਲੋਂ ਮੋਗਾ ਰੈਲੀ ਦੀਆਂ ਤਿਆਰੀਆਂ
ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ; ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਤਿਆਰ ਕੀਤੀ ਰਣਨੀਤੀ
ਪੰਜਾਬ ਭਾਜਪਾ ਨੇ 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਇਸ ਸਬੰਧੀ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ ਅਤੇ ਪਾਰਟੀ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਰੈਲੀ ਵਿੱਚ ਆਉਣ ਵਾਲੇ ਲੋਕਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ ਗਈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਨੇ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੰਬੋਧਨ ਪੰਜਾਬ ਵਿੱਚ 2027 ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਮਜ਼ਬੂਤ ਨੀਂਹ ਰੱਖੇਗਾ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਆਮ ਆਦਮੀ ਪਾਰਟੀ (ਆਪ) ਦੀਆਂ ਚਾਰ ਸਾਲਾਂ ਦੀਆਂ ਨਾਕਾਮੀਆਂ ਲੋਕਾਂ ਸਾਹਮਣੇ ਲਿਆਂਦੀਆਂ ਜਾਣਗੀਆਂ। ਇਸ ਤੋਂ ਇਲਾਵਾ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਦੇ ਮੁੱਦੇ ’ਤੇ ਸੱਤਾਧਾਰੀ ਧਿਰ ਦੀ ਘੇਰਾਬੰਦੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਸੀਨੀਅਰ ਭਾਜਪਾ ਆਗੂ ਸ੍ਰੀਨਿਵਾਸਲੂ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਵਿਜੈ ਸਾਂਪਲਾ, ਸ਼ਵੇਤ ਮਲਿਕ, ਹਰਜੀਤ ਸਿੰਘ ਗਰੇਵਾਲ, ਸੋਮ ਪ੍ਰਕਾਸ਼, ਮਨਪ੍ਰੀਤ ਬਾਦਲ, ਰਾਣਾ ਗੁਰਮੀਤ ਸੋਢੀ, ਚਰਨਜੀਤ ਸਿੰਘ ਅਟਵਾਲ, ਦਿਨੇਸ਼ ਸਿੰਘ ਬੱਬੂ, ਵਿਧਾਇਕ ਜੰਗੀ ਲਾਲ ਮਹਾਜਨ, ਜੀਵਨ ਗੁਪਤਾ, ਕੇਵਲ ਸਿੰਘ ਢਿੱਲੋਂ, ਅਮਨਜੋਤ ਰਾਮੂਵਾਲੀਆ, ਰਾਕੇਸ਼ ਰਾਠੌਰ, ਅਨਿਲ ਸਰੀਨ, ਦਿਆਲ ਸੋਢੀ, ਪਰਮਿੰਦਰ ਬਰਾੜ ਅਤੇ ਜਗਮੋਹਨ ਰਾਜੂ ਸਮੇਤ ਕਈ ਹੋਰ ਆਗੂ ਮੌਜੂਦ ਸਨ।

