Punjab Blasts: ਧਮਾਕਿਆਂ ਨੂੰ ਲੈ ਕੇ ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਦੇ ਬਿਆਨ ’ਤੇ ਭਰੀ ਹਾਮੀ
ਬਰਨਾਲਾ ਵਿਖੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜੀਆ ਦਾ ਬੁੱਤ ਸਥਾਪਿਤ ਕਰਨ ਮੌਕੇ ਪਹੁੰਚੇ ਸਪੀਕਰ ਸੰਧਵਾਂ; ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਹੋਵਾਂਗਾ ਪੇਸ਼
ਬੇਅਦਬੀ ਮਾਮਲਿਆਂ ਸਬੰਧੀ ਬਣਾਏ ਗਏ ਕਾਨੂੰਨ ਬਾਰੇ ਬੋਲਦਿਆਂ ਸਪੀਕਰ ਨੇ ਦੱਸਿਆ ਕਿ ਉਨ੍ਹਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਜਾਵਾਂਗਾ ਅਤੇ ਆਪਣਾ ਪੱਖ ਰੱਖਾਂਗਾ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬੇਹੱਦ ਸਖ਼ਤ ਕਾਨੂੰਨ ਲਿਆਂਦਾ ਗਿਆ ਹੈ, ਜਿਸ ਤਹਿਤ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕੇਗੀ।
ਮਹਾਨ ਜਰਨੈਲ ਜੱਸਾ ਸਿੰਘ ਰਾਮਗੜੀਆ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀ ਬਹਾਦਰੀ ਬਾਰੇ ਪਤਾ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਮੁਗਲਾਂ ਨੂੰ ਹਰਾ ਕੇ ਦਿੱਲੀ 'ਤੇ ਫਤਿਹ ਹਾਸਲ ਕੀਤੀ ਸੀ। ਬਰਨਾਲਾ ਵਿਖੇ ਜੱਸਾ ਸਿੰਘ ਰਾਮਗੜੀਆ ਦੇ ਨਾਮ ਉੱਪਰ ਚੌਂਕ ਰੱਖਣਾ ਤੇ ਉਹਨਾਂ ਦਾ ਬੁੱਤ ਸਥਾਪਿਤ ਕਰਨ ਦੀ ਉਹਨਾਂ ਸ਼ਾਲਾਘਾ ਕੀਤੀ। ਅੰਮ੍ਰਿਤਸਰ ਸਥਿਤ ਰਾਮਗੜੀਆ ਬੁੰਗੇ ਦੀ ਖ਼ਸਤਾ ਹਾਲਤ 'ਤੇ ਚਿੰਤਾ ਜ਼ਾਹਿਰ ਕਰਦਿਆਂ ਸੰਧਵਾਂ ਨੇ ਕਿਹਾ ਕਿ ਉਹ ਜਲਦੀ ਹੀ ਉੱਥੇ ਦੌਰਾ ਕਰਨਗੇ ਅਤੇ ਸਰਕਾਰ ਵੱਲੋਂ ਇਸ ਇਤਿਹਾਸਕ ਵਿਰਾਸਤ ਦੀ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸੰਬੋਧਨ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਇਸ ਯਾਦਗਾਰੀ ਬੁੱਤ ਦੀ ਸਥਾਪਨਾ 'ਤੇ ਵਧਾਈ ਦਿੱਤੀ।

