ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਮੰਤਰੀ ਮੰਡਲ ਵੱਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਨੂੰ ਹਰੀ ਝੰਡੀ

ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮਿਲੇਗੀ ਸਹੂਲਤ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 10 ਜੁਲਾਈ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਅੱਜ ਰਸਮੀ ਤੌਰ ’ਤੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਹ ਮੁਹਿੰਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ। ਉੱਥੇ ਹੀ ਉਨ੍ਹਾਂ ਨੂੰ ਦੋ ਦਿਨਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ’ਚ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਸੂਬੇ ਦੇ ਹਰੇਕ ਨਾਗਰਿਕ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਲੋਕ ਰਿਹਾਇਸ਼ ਨਾਲ ਸਬੰਧਤ ਵੋਟਰ ਕਾਰਡ ਜਾਂ ਆਧਾਰ ਕਾਰਡ ਦਿਖਾ ਕੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀਐੱਸਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ। ਇਹ ਉਪਰਾਲਾ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਮਹਿਲਾ ਸਰਪੰਚਾਂ-ਪੰਚਾਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੂੰ ਨਾਂਦੇੜ ਸਾਹਿਬ ਲਿਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਵੀ ਬੰਦੋਬਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ 4 ਜੂਨ ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀਐੱਲਯੂ, ਈਡੀਸੀ, ਐੱਲਐਫ ਅਤੇ ਹੋਰ ਖ਼ਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।

 

ਵਿਰੋਧੀ ਧਿਰ ਦੇ ਦੋਗਲੇ ਕਿਰਦਾਰਾਂ ਦਾ ਪਰਦਾਫਾਸ਼ ਕਰਾਂਗੇ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਇਜਲਾਸ ਦੌਰਾਨ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਆਗੂਆਂ ਦੇ ‘ਦੋਗਲੇ ਕਿਰਦਾਰ’ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਸੁਨੀਲ ਜਾਖੜ (ਭਾਜਪਾ) ਅਤੇ ਪ੍ਰਤਾਪ ਸਿੰਘ ਬਾਜਵਾ (ਕਾਂਗਰਸ) ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੱਤਾ ਵਿੱਚ ਰਹਿੰਦੇ ਸਮੇਂ ਸੂਬੇ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਸਿੰਥੈਟਿਕ ਡਰੱਗਜ਼ ਰੈਕੇਟ ਦਾ ਸਰਗਨਾ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ ਅਤੇ ਜ਼ਿੰਮੇਵਾਰ ਲੋਕਾਂ ਨੂੰ ਅਜਿਹੇ ਮਾੜੇ ਕੰਮਾਂ ਲਈ ਕਾਨੂੰਨੀ ਤੌਰ ’ਤੇ ਨਤੀਜੇ ਭੁਗਤਣੇ ਪੈਣਗੇ। ਮੁੱਖ ਮੰਤਰੀ ਨੇ ਕੁਝ ਕਿਸਾਨ ਯੂਨੀਅਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਹੁਣ ਸਹੀ ਅਰਥਾਂ ਵਿੱਚ ਕਿਸਾਨੀ ਨਾਲ ਜੁੜੇ ਹਿੱਤਾਂ ਦੀ ਨੁਮਾਇੰਦਗੀ ਨਹੀਂ ਕਰਦੀਆਂ ਹਨ ਸਗੋਂ ਇਹ ਯੂਨੀਅਨਾਂ ਆਪਣੇ ਆਗੂਆਂ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਆਗੂ ਲੈਂਡ ਪੂਲਿੰਗ ਨੀਤੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ 140 ਕਰੋੜ ਭਾਰਤੀਆਂ ਦੀ ਸਮੱਸਿਆਵਾਂ ਨੂੰ ਅਣਗੌਲਿਆ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਵਿਦੇਸ਼ਾਂ ਦਾ ਦੌਰਾ ਕਰਨ ਲਈ ਤਾਂ ਸਮਾਂ ਹੈ ਪਰ ਉਹ 140 ਕਰੋੜ ਭਾਰਤੀਆਂ ਦੀਆਂ ਸਮੱਸਿਆਵਾਂ ਦੂਰ ਕਰਨ ਵਿੱਚ ਅਸਫ਼ਲ ਰਹਿੰਦੇ ਹਨ। ਮੋਦੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ 10,000 ਤੋਂ ਘੱਟ ਆਬਾਦੀ ਵਾਲੇ ਮੁਲਕਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਜਸ਼ਨ ਮਨਾ ਰਹੇ ਹਨ ਜਦਕਿ ਉਹ ਦੇਸ਼ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।

Advertisement