ਪੰਜਾਬ ਕੈਬਨਿਟ ’ਚ ਵਾਧਾ ਜਲਦ, ਅਰੋੜਾ ਬਨਣਗੇ ਮੰਤਰੀ: ਮਾਨ
ਚੰਡੀਗੜ੍ਹ, 24 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਦੋ-ਚਾਰ ਦਿਨਾਂ ਵਿੱਚ ਕੈਬਨਿਟ ’ਚ ਵਾਧਾ ਹੋਵੇਗਾ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ (AAP) ਨੇ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਲੁਧਿਆਣਾ ਪੱਛਮੀ ਸੀਟ ’ਤੇ ਜਿੱਤ ਹਾਸਲ ਕੀਤੀ ਹੈ, ਜਿਸ ਵਿੱਚ ਅਰੋੜਾ ਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ। ਮੰਗਲਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਵਿਸਤਾਰ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਇਹ ਦੋ ਤੋਂ ਚਾਰ ਦਿਨਾਂ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਲੁਧਿਆਣਾ ਪੱਛਮੀ ਸੀਟ ਦੇ ਵੋਟਰਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੰਜੀਵ ਅਰੋੜਾ ਨੂੰ ਚੁਣਦੇ ਹਨ, ਤਾਂ ਉਨ੍ਹਾਂ ਨੂੰ ਮੰਤਰੀ ਬਣਾਇਆ ਜਾਵੇਗਾ।
ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਕੈਬਨਿਟ ਵਿੱਚ ਬਦਲਾਅ ਜਾਂ ਪੋਰਟਫੋਲੀਓ ਵਿੱਚ ਤਬਦੀਲੀ ਕੀਤੇ ਜਾਣ ਵਾਲੀ ਕੋਈ ਗੱਲ ਨਹੀਂ ਹੈ। ਇੱਥੇ ਦੱਸਣਾ ਬਣਦਾ ਹੈ ਕਿ ਇਸ ਸਮੇਂ ਮੁੱਖ ਮੰਤਰੀ ਸਮੇਤ ਕੈਬਨਿਟ ਵਿੱਚ 16 ਮੰਤਰੀ ਹਨ। ਪੰਜਾਬ ਕੈਬਨਿਟ ਵਿੱਚ 18 ਮੰਤਰੀ ਹੋ ਸਕਦੇ ਹਨ। AAP ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਕੈਬਨਿਟ ਵਿੱਚ ਫੇਰਬਦਲ ਕੀਤਾ ਸੀ। ਇਸ ਦੌਰਾਨ ਚਾਰ ਮੰਤਰੀਆਂ ਨੂੰ ਹਟਾਉਣ ਤੋਂ ਬਾਅਦ ਪੰਜ ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਸੀ।
ਇਹ ਪੁੱਛੇ ਜਾਣ ’ਤੇ ਕਿ ਅਰੋੜਾ ਦੀ ਥਾਂ ’ਤੇ ਕਿਸ ਨੂੰ ਰਾਜ ਸਭਾ ਭੇਜਿਆ ਜਾਵੇਗਾ ਤਾਂ ਮੁੱਖ ਮੰਤਰੀ ਮਾਨ ਨੇ ਕਿਹਾ, ‘‘ਆਓ ਇਸ 'ਤੇ ਵਿਚਾਰ ਕਰੀਏ। ਇਹ ਕੋਈ ਅਜਿਹਾ ਵਿਅਕਤੀ ਹੋਣਾ ਚਾਹੀਦਾ ਹੈ ਜੋ ਪੰਜਾਬ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕੇ।’’ ਇਸ ਤੋਂ ਪਹਿਲਾਂ AAP ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕੀਤਾ ਸੀ ਕਿ ਅਰੋੜਾ ਦੇ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਉਹ ਰਾਜ ਸਭਾ ਨਹੀਂ ਜਾਣਗੇ।
ਮਾਨ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਦਿੱਲੀ ਜਾਣਗੇ ਜਿੱਥੇ ਪਾਰਟੀ ਪੰਜਾਬ ਅਤੇ ਗੁਜਰਾਤ ਦੀਆਂ ਜ਼ਿਮਨੀ ਚੋਣਾਂ ਵਿੱਚ ਜਨਤਾ ਦੇ ਫਤਵੇ ਦਾ ਧੰਨਵਾਦ ਕਰੇਗੀ। ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਵਿੱਚ AAP ਦੇ ਸਾਬਕਾ ਸੂਬਾ ਪ੍ਰਧਾਨ ਗੋਪਾਲ ਇਟਾਲੀਆ ਵਿਸਾਵਦਰ ਵਿੱਚ ਭਾਜਪਾ ਦੇ ਕਿਰਿਤ ਪਟੇਲ ਨੂੰ 17,554 ਵੋਟਾਂ ਨਾਲ ਹਰਾ ਕੇ ਜੇਤੂ ਰਹੇ। -ਪੀਟੀਆਈ