ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਆਤਿਸ਼ ਗੁਪਤਾ
ਚੰਡੀਗੜ੍ਹ, 8 ਜਨਵਰੀ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਕਾਇਮ ਕੀਤੀ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਇਸ ਕਮੇਟੀ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ। ਇਨ੍ਹਾਂ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਕ ਯੂਨੀਅਨ, ਡੈਮੋਕ੍ਰੈਟਿਕ ਟੀਚਰਜ਼ ਫਰੰਟ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਵਿੱਚ ਮੈਰੀਟੋਰੀਅਸ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਤੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਸਕੂਲਾਂ ਵਿੱਚ ਖੇਤੀਬਾੜੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਜਾਵੇ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਨੇ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕਰਨ ਦਾ ਮੁੱਦਾ ਉਠਾਇਆ। ਮੰਤਰੀ ਹਰਪਾਲ ਸਿੰਘ ਚੀਮਾ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਠੋਸ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।