Punjab News: ਪੰਜਾਬ ਕਾਂਗਰਸ ਵੱਲੋਂ ਸੂਬੇ ’ਚ ਪ੍ਰਦਰਸ਼ਨ
ਤੂਰਬੰਜਾਰਾ ਮਾਮਲੇ ’ਚ ਹਰਪਾਲ ਚੀਮਾ ਦੀ ਬਰਖ਼ਾਸਤਗੀ ਤੇ ਗ੍ਰਿਫ਼ਤਾਰੀ ਮੰਗੀ
ਪੰਜਾਬ ਕਾਂਗਰਸ ਦੀ ਅਗਵਾਈ ’ਚ ਅੱਜ ਕਾਂਗਰਸੀ ਵਰਕਰਾਂ ਵੱਲੋਂ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ। ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਹਰਪਾਲ ਚੀਮਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੇ ਮੰਤਰੀ ਦਾ ਪੁਤਲਾ ਵੀ ਸਾੜਿਆ।
ਕਾਂਗਰਸੀ ਆਗੂਆਂ ਨੇ ਸਥਾਨਕ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਪੁਲੀਸ ਡਾਇਰੈਕਟਰ ਜਨਰਲ ਦੇ ਨਾਮ ’ਤੇ ਮੰਗ ਪੱਤਰ ਵੀ ਸੌਂਪਿਆ, ਜਿਸ ਵਿੱਚ ਦਲਿਤ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਵਿੱਤ ਮੰਤਰੀ ਖ਼ਿਲਾਫ਼ ਐੱਫ ਆਈ ਆਰ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਦਿੜ੍ਹਬਾ ਦੇ ਵਸਨੀਕ ਗੁਲਜ਼ਾਰ ਸਿੰਘ ਵੱਲੋਂ ਕੀਤੀ ਖ਼ੁਦਕੁਸ਼ੀ ਦਾ ਹਵਾਲਾ ਦਿੱਤਾ ਗਿਆ, ਜਿਸ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਧਮਕਾਏ ਅਤੇ ਜ਼ਲੀਲ ਕੀਤੇ ਜਾਣ ਮਗਰੋਂ ਇਹ ਕਦਮ ਚੁੱਕਿਆ ਸੀ। ਆਗੂਆਂ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਐੱਫ ਆਈ ਆਰ ਤਾਂ ਦਰਜ ਕੀਤੀ ਹੈ, ਪਰ ਜਾਣਬੁੱਝ ਕੇ ਇਸ ਵਿੱਚ ਹਰਪਾਲ ਚੀਮਾ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ। ਮੰਗ ਪੱਤਰ ਵਿੱਚ ਇਹ ਵੀ ਦੱਸਿਆ ਗਿਆ ਕਿ ਕਾਨੂੰਨ ਅਨੁਸਾਰ ਆਖ਼ਰੀ ਬਿਆਨ ਨੂੰ ਅਜਿਹੇ ਮਾਮਲਿਆਂ ਵਿੱਚ ਬਹੁਤ ਅਹਿਮ ਸਬੂਤ ਮੰਨਿਆ ਜਾਂਦਾ ਹੈ। ਡੀ ਜੀ ਪੀ ਨੂੰ ਅਪੀਲ ਕੀਤੀ ਗਈ ਕਿ ਹਰਪਾਲ ਚੀਮਾ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੀਆਂ ਢੁੱਕਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

