Punjab Drone Survey: GIS-ਆਧਾਰਿਤ ਮਾਸਟਰ ਪਲਾਨ ਲਈ ਡਰੋਨ ਸਰਵੇਖਣ ਖ਼ਿਲਾਫ਼ ਕਿਸਾਨਾਂ ਵੱਲੋਂ ਪ੍ਰਦਰਸ਼ਨ
Drone Survey Row: ਬਠਿੰਡਾ ਦੇ ਸੀਨੀਅਰ ਟਾਊਨ ਪਲਾਨਰ ਨੇ ਕਿਹਾ ਕਿ ਸਰਕਾਰ ਨੇ ਡਰੋਨ ਸਰਵੇਖਣ ਰੋਕ ਦਿੱਤਾ ਹੈ
Drone Survey Row: ਜੀਆਈਐਸ (GIS)-ਆਧਾਰਿਤ ਮਾਸਟਰ ਪਲਾਨ ਦੀ ਤਿਆਰੀ ਲਈ ਕੀਤੇ ਜਾ ਰਹੇ ਡਰੋਨ ਸਰਵੇਖਣ ਦੇ ਵਿਰੋਧ ਵਿੱਚ ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਈ ਪਿੰਡਾਂ ਦੇ ਵਸਨੀਕਾਂ ਨੇ ਮੌੜ ਵਿਖੇ ਐੱਸ.ਡੀ.ਐੱਮ. (SDM) ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਵੇਖਣ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਅਤੇ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ।
ਇਸ ਸਬੰਧੀ ਬਠਿੰਡਾ ਦੇ ਸੀਨੀਅਰ ਟਾਊਨ ਪਲਾਨਰ ਸੰਦੀਪ ਕੁਮਾਰ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਰਕਾਰ ਨੇ ਡਰੋਨ ਸਰਵੇਖਣ ਰੋਕ ਦਿੱਤਾ ਹੈ ਅਤੇ ਬਠਿੰਡਾ ਜ਼ਿਲ੍ਹੇ ਵਿੱਚ ਕਿਤੇ ਵੀ ਦਿਨ ਜਾਂ ਰਾਤ ਨੂੰ ਸਰਵੇਖਣ ਦੇ ਕੰਮ ਲਈ ਕਿਸੇ ਡਰੋਨ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀ ਪਹਿਲਾਂ ਅਨਾਜ ਮੰਡੀ ਵਿੱਚ ਇਕੱਠੇ ਹੋਏ ਅਤੇ ਉਸ ਤੋਂ ਬਾਅਦ ਰੋਸ ਮਾਰਚ ਕੱਢਿਆ, ਜਿਸ ਵਿੱਚ ਦੋਸ਼ ਲਾਇਆ ਗਿਆ ਕਿ ਸਰਕਾਰ ਅਤੇ ਵੱਡੇ ਕਾਰਪੋਰੇਟ ਘਰਾਣੇ ਮਾਸਟਰ ਪਲਾਨ ਅਤੇ ਲੈਂਡ ਪੂਲਿੰਗ ਦੇ ਨਾਂ 'ਤੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੇ ਹਨ।
ਬਾਅਦ ਵਿੱਚ, ਐੱਸ.ਡੀ.ਐੱਮ., ਸੰਬੰਧਿਤ ਅਧਿਕਾਰੀਆਂ ਦੇ ਨਾਲ ਪ੍ਰਦਰਸ਼ਨ ਵਾਲੀ ਥਾਂ 'ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸਰਵੇਖਣ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਜੇ ਸਰਵੇਖਣ ਦੌਰਾਨ ਉਨ੍ਹਾਂ ਦੇ ਖੇਤਾਂ ਨੂੰ ਕੋਈ ਨੁਕਸਾਨ ਪਹੁੰਚਿਆ ਹੈ ਤਾਂ ਉਹ ਲਿਖਤੀ ਸ਼ਿਕਾਇਤਾਂ ਦੇਣ, ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਯੋਗ ਕਾਰਵਾਈ ਕੀਤੀ ਜਾਵੇਗੀ।
ਭਰੋਸੇ ਤੋਂ ਬਾਅਦ, ਪ੍ਰਦਰਸ਼ਨਕਾਰੀਆਂ ਲੇ ਐਲਾਨ ਕੀਤਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 25 ਸਤੰਬਰ ਨੂੰ ਮੌੜ ਵਿਖੇ ਇੱਕ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

