ਪੰਜਾਬ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਫਰਵਰੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਕਰਵਾਉਣ ਲਈ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਬੈਠਣ ਦੀ ਉਮੀਦ ਹੈ। ਅੱਠਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਭਲਕੇ 19 ਫਰਵਰੀ ਨੂੰ ਸ਼ੁਰੂ ਹੋਵੇਗੀ ਜਦੋਂਕਿ ਦਸਵੀਂ ਜਮਾਤ ਦੀ ਪ੍ਰੀਖਿਆ ਮਾਰਚ ’ਚ ਸ਼ੁਰੂ ਹੋਵੇਗੀ।
ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਲਵਿਸ਼ ਚਾਵਲਾ ਨੇ ਦੱਸਿਆ ਕਿ ਪੰਜਾਬ ਭਰ ਵਿੱਚ 2579 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਸਾਲਾਨਾ ਪ੍ਰੀਖਿਆਵਾਂ ਨੂੰ ਸੁਚਾਰੂ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਨਿਯੁਕਤ ਕੀਤੇ ਗਏ ਹਨ। ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਦੇ ਲਗਪਗ 3,02,189 ਵਿਦਿਆਰਥੀ ਪ੍ਰੀਖਿਆ ਦੇਣਗੇ, ਜਦੋਂਕਿ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 2,84,658 ਵਿਦਿਆਰਥੀ ਅਤੇ ਦਸਵੀਂ ਜਮਾਤ ਦੀ ਓਪਨ ਪ੍ਰੀਖਿਆ ਵਿੱਚ 9,877 ਵਿਦਿਆਰਥੀ ਬੈਠਣਗੇ। ਇਸੇ ਤਰ੍ਹਾਂ ਬਾਰਵੀਂ ਜਮਾਤ ਦੀ ਪ੍ਰੀਖਿਆ ’ਚ ਕੁੱਲ 2,72,105 ਵਿਦਿਆਰਥੀ ਅਤੇ ਸੀਨੀਅਰ ਸੈਕੰਡਰੀ ਓਪਨ ਸਕੂਲ ਪ੍ਰੀਖਿਆ ਵਿੱਚ 13,363 ਵਿਦਿਆਰਥੀ ਬੈਠਣਗੇ।
ਕੰਟਰੋਲਰ (ਪ੍ਰੀਖਿਆਵਾਂ) ਨੇ ਦੱਸਿਆ ਕਿ ਪ੍ਰਸ਼ਨ-ਪੱਤਰਾਂ ਨੂੰ ਅਧਿਕਾਰਤ ਬੈਂਕਾਂ ਵਿੱਚ ਰੱਖਣ ਅਤੇ ਪ੍ਰੀਖਿਆ ਕੇਂਦਰਾਂ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ। ਨਵੀਂ ਪਹਿਲਕਦਮੀ ਤਹਿਤ ਪ੍ਰੀਖਿਆ ਕੇਂਦਰਾਂ ਨੂੰ ਕੰਟਰੋਲਡ ਉੱਤਰ-ਪੱਤਰੀਆਂ ਹੀ ਸਪਲਾਈ ਕੀਤੀਆਂ ਜਾਣਗੀਆਂ।
ਹੁਣ ਆਸਾਨੀ ਨਾਲ ਇਹ ਪਤਾ ਲੱਗ ਸਕੇਗਾ ਕਿ ਕਿੰਨੀਆਂ ਉੱਤਰ-ਪੱਤਰੀਆਂ ਕਿਹੜੇ ਸਕੂਲਾਂ ਜਾਂ ਪ੍ਰੀਖਿਆ ਕੇਂਦਰਾਂ ਵਿੱਚ ਗਈਆਂ ਹਨ ਅਤੇ ਕਿੰਨੀਆਂ ਵਰਤੋਂ ਵਿੱਚ ਆਈਆਂ ਹਨ। ਇਹ ਪ੍ਰਕਿਰਿਆ ਪੰਜਾਬ ਵਿੱਚ ਨਕਲ ਨੂੰ ਨੱਥ ਪਾਉਣ ਵਿੱਚ ਇੱਕ ਅਹਿਮ ਭੂਮਿਕਾ ਅਦਾ ਕਰੇਗੀ।
ਹਰਜੋਤ ਬੈਂਸ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।