DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab ਸਿੱਖਿਆ ਕ੍ਰਾਂਤੀ: ਪ੍ਰਿੰਸੀਪਲਾਂ ਦੀਆਂ 60 ਫ਼ੀਸਦੀ ਅਸਾਮੀਆਂ ਖਾਲੀ, ਡੀ ਟੀ ਐੱਫ ਨੇ ਸਰਕਾਰ ਦੇ ਦਾਅਵਿਆਂ ’ਤੇ ਚੁੱਕੇ ਸਵਾਲ

Punjab News: ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ, ਤਰੱਕੀਆਂ ਅਤੇ ਭਰਤੀਆਂ ਤੁਰੰਤ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement
Punjab News: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਅਤੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਸਮੇਤ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀਆਂ ਹਨ।
ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਪੰਜਾਬ ਦੇ 1927 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 1113 ਸਕੂਲ ਇਸ ਵੇਲੇ ਬਿਨਾਂ ਪ੍ਰਿੰਸੀਪਲਾਂ ਦੇ ਚੱਲ ਰਹੇ ਹਨ, ਜੋ ਕਿ ਕੁੱਲ ਅਸਾਮੀਆਂ ਦਾ ਲਗਭਗ 60 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਇਤਿਹਾਸ ਵਿੱਚ ਇਹ ਸਭ ਤੋਂ ਮਾੜੇ ਦੌਰਾਂ ਵਿੱਚੋਂ ਇੱਕ ਹੈ।

ਆਗੂਆਂ ਅਨੁਸਾਰ ਮਾਨਸਾ ਅਤੇ ਨਵਾਂ ਸ਼ਹਿਰ ਜ਼ਿਲਿ੍ਹਆਂ ਵਿੱਚ ਪ੍ਰਿੰਸੀਪਲਾਂ ਦੀਆਂ 86 ਫ਼ੀਸਦੀ ਅਸਾਮੀਆਂ ਖਾਲੀ ਹਨ, ਜਦਕਿ ਤਰਨਤਾਰਨ ਅਤੇ ਬਰਨਾਲਾ ਵਿੱਚ 80 ਫ਼ੀਸਦੀ ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ ਹਨ। ਇਸੇ ਤਰ੍ਹਾਂ ਮੋਗਾ, ਕਪੂਰਥਲਾ ਅਤੇ ਜਲੰਧਰ ਵਿੱਚ ਕਰੀਬ 70 ਫ਼ੀਸਦੀ ਸਕੂਲ ਬਿਨਾਂ ਪ੍ਰਿੰਸੀਪਲਾਂ ਦੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ, ਹੈੱਡਮਾਸਟਰਾਂ, ਲੈਕਚਰਾਰਾਂ, ਮਾਸਟਰਾਂ ਅਤੇ ਈਟੀਟੀ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ’ਤੇ ਦਰਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਅਧਿਆਪਕਾਂ ਨੂੰ ਪੜ੍ਹਾਈ ਦੇ ਕੰਮ ਦੀ ਬਜਾਏ ਜਨਗਣਨਾ, ਐੱਸ.ਆਈ.ਆਰ., ਆਰਥਿਕ ਸਰਵੇਖਣ, ਡਰੱਗ ਸਰਵੇ, ਚੋਣ ਡਿਊਟੀਆਂ ਅਤੇ ਹੋਰ ਗੈਰ-ਵਿਦਿਅਕ ਕੰਮਾਂ ਵਿੱਚ ਲਗਾਇਆ ਜਾ ਰਿਹਾ ਹੈ। ਇਸ ਕਾਰਨ ਸਕੂਲਾਂ ਵਿੱਚ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਆਪਣੀਆਂ ਤਰੱਕੀਆਂ ਲਈ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜ਼ਬੂਰ ਹਨ, ਜਦ ਕਿ ਵਿਭਾਗ ਇਸ ਮਾਮਲੇ ਵਿੱਚ ਕੋਈ ਗੰਭੀਰਤਾ ਨਹੀਂ ਦਿਖਾ ਰਿਹਾ।

ਡੀਟੀਐੱਫ ਨੇ ਦਾਅਵਾ ਕੀਤਾ ਕਿ ਮੌਜੂਦਾ ਪ੍ਰਬੰਧਾਂ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਕਰੀਬ 9 ਫ਼ੀਸਦੀ ਕਮੀ ਆਈ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਹੋਰ ਅਧਿਆਪਕ ਕਾਡਰਾਂ ਦੀਆਂ ਲੰਬਿਤ ਤਰੱਕੀਆਂ ਤੁਰੰਤ ਕੀਤੀਆਂ ਜਾਣ ਅਤੇ ਸਿੱਧੀ ਭਰਤੀ ਕੋਟੇ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦੀ ਭਰੀਆਂ ਜਾਣ ਤਾਂ ਜੋ ਸਿੱਖਿਆ ਪ੍ਰਬੰਧ ਨੂੰ ਮਜ਼ਬੂਤ ਬਣਾਇਆ ਜਾ ਸਕੇ।

Advertisement

Advertisement
Advertisement
×