ਚੰਡੀਗੜ੍ਹ, 19 ਫਰਵਰੀ
ਪੰਜਾਬ ਅਸੈਂਬਲੀ ਚੋਣਾਂ ਤੋਂ ਇਕ ਦਿਨ ਪਹਿਲਾਂ ਰਾਜ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੇ ਦੋ ਵੱਖੋ-ਵੱਖਰੀਆਂ ਸ਼ਿਕਾਇਤਾਂ ਦੇ ਆਧਾਰ ’ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਕੇਸ ਦਰਜ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਸੀਈਓ ਨੇ ਮੁਹਾਲੀ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਜ਼ਿਲ੍ਹਾ ਕਮਿਸ਼ਨਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਤੇ ਹੋਰਨਾਂ ਸਿਆਸੀ ਪਾਰਟੀਆਂ ਖਿਲਾਫ਼ ਝੂਠੇ ਤੇ ਨਿਰਾਰਥਕ ਦੋਸ਼ ਲਾਉਣ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਸ਼ਿਕਾਇਤਕਰਤਾ ਨੇ ਫੇਸਬੁੱਕ ਤੇ ਟਵਿੱਟਰ ਜਿਹੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ‘ਆਪ’ ਵੱਲੋਂ ਅਪਲੋਡ ਕੀਤੀ ਵੀਡੀਓ ਨੂੰ ਲੈ ਕੇ ਉਜਰ ਜਤਾਇਆ ਸੀ। ਕਲੇਰ ਨੇ ਦਾਅਵਾ ਕੀਤਾ ਸੀ ਕਿ ਇਸ ਵੀਡੀਓ ਜ਼ਰੀਏ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਸਿਆਸੀ ਪਾਰਟੀਆਂ ਦੀ ਦਿੱਖ ਨੂੰ ਆਮ ਲੋਕਾਂ ਦੀਆਂ ਨਜ਼ਰਾਂ ’ਚ ਡੇਗਣ ਦੀ ਕਥਿਤ ਕੋੋੋੋਸ਼ਿਸ਼ ਕੀਤੀ ਗਈ ਹੈ।
ਉਧਰ ‘ਆਪ’ ਨੇ ਸੀਈਓ ਨੂੰ ਕੀਤੀ ਸ਼ਿਕਾਇਤ ’ਚ ਦਾਅਵਾ ਕੀਤਾ ਕਿ ਚੋਣ ਪ੍ਰਚਾਰ ਅਧਿਕਾਰਤ ਤੌਰ ’ਤੇ ਮੁੱਕਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਸਫ਼ੇ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਵੋਟਰਾਂ ਨੂੰ ਗੁੰਮਰਾਹ ਕਰਨ ਦੇ ਇਰਾਦੇ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ‘ਆਪ’ ਨੇ ਸ਼ਿਕਾਇਤ ’ਚ ਕਿਹਾ ਕਿ ਇਹ ਲੋਕ ਨੁਮਾਇੰਦਗੀ ਐਕਟ ਦੀ ਧਾਰਾ 126 ਦਾ ਉਲੰਘਣ ਹੈ।
ਸੀਈਓ ਦੀਆਂ ਹਦਾਇਤਾਂ ’ਚ ਸਾਫ਼ ਕੀਤਾ ਗਿਆ ਹੈ ਕਿ ‘ਆਪ’ ਦੀ ਜਿਸ ਵੀਡੀਓ ਨੂੰ ਲੈ ਕੇ ਸ਼ਿਕਾਇਤ ਕੀਤੀ ਗਈ ਹੈ, ਉਸ ਲਈ ਸੂਬਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੌਨੀਟਰਿੰਗ ਕਮੇਟੀ (ਐੱਮਸੀਐੱਮਸੀ) ਤੋਂ ਲੋੜੀਂਦੀ ਪ੍ਰਵਾਨਗੀ ਨਹੀਂ ਲਈ ਗਈ ਹੈ। ਉਧਰ ਕਲੇਰ ਨੇ ਦਾਅਵਾ ਕੀਤਾ ਸੀ ਕਿ ਇਨ੍ਹਾਂ ਚੋਣਾਂ ਦੌਰਾਨ ਇਹ ਤੀਜੀ ਵਾਰ ਹੈ ਜਦੋਂ ਚੋਣ ਕਮਿਸ਼ਨ ਦੀ ਪ੍ਰਵਾਨਗੀ ਤੋਂ ਬਗੈਰ ਕੋਈ ਵੀਡੀਓ ਪਾਈ ਗਈ ਹੈ। -ਪੀਟੀਆਈ