ਪੰਜਾਬ ਚੋਣਾਂ ਪੁਰਾਣੀ ਵੋਟਰ ਸੂਚੀ ਮੁਤਾਬਕ ਕਰਵਾਈਆਂ ਜਾਣ: ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਨੇ ਫਾਰਮ ਨੰਬਰ 6 ਭਰਨ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਹਵਾਲਾ ਦਿੱਤਾ
ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦਾ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੱਕ ਇਸ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ 2024 ਦੀਆਂ ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਬਿਨਾਂ ਕਿਸੇ ਦੀ ਵੋਟ ਕੱਟੇ ਕਰਵਾਈਆਂ ਜਾਣ, ਤਾਂ ਜੋ ਕੋਈ ਵੋਟਰ ਆਪਣੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸੁਧਾਈ ਦੌਰਾਨ ਫਾਰਮ ਨੰਬਰ 6 ਭਰਨ ਵਿੱਚ ਲੋਕਾਂ ਨੂੰ ਭਾਰੀ ਮੁਸ਼ਕਲਾਂ ਆ ਰਹੀਆਂ ਹਨ। ਖ਼ਾਸ ਕਰ ਕੇ ਨਵੇਂ ਵੋਟਰਾਂ ਲਈ ਪੁਰਾਣੀ ਸੂਚੀ ’ਚ ਮਾਪਿਆਂ ਜਾਂ ਦਾਦਾ-ਦਾਦੀ ਦੇ ਨਾਮ ਦਾ ਹਵਾਲਾ ਦੇਣਾ ਸਭ ਤੋਂ ਔਖੀ ਸ਼ਰਤ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਵੱਡੀ ਗਿਣਤੀ ਵਿੱਚ ਵੋਟਰਾਂ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਕਰਨਾ ਲੋਕਤੰਤਰ ਨਾਲ ਸਿੱਧਾ ਧੱਕਾ ਹੈ।
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਅੱਜ
ਪੰਜਾਬ ਕਾਂਗਰਸ ਵੱਲੋਂ ਭਾਰਤ ਦੇ ਮੁੱਖ ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਖ਼ਿਲਾਫ਼ 25 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਵੜਿੰਗ ਅਤੇ ਹੋਰ ਆਗੂਆਂ ਨਾਲ ਔਨਲਾਈਨ ਮੀਟਿੰਗ ਕਰ ਕੇ ਰੂਪ-ਰੇਖਾ ਉਲੀਕੀ।

