Punjab Farmer Protest: ਕਣਕ ਦੀ ਖਰੀਦ ਨਾ ਹੋਣ ’ਤੇ ਡੀ ਸੀ ਦਫ਼ਤਰਾਂ ਅੱਗੇ ਧਰਨੇ ਲਾਵੇਗੀ ਕਿਸਾਨ ਯੂਨੀਅਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖਰੀਦ ਦੀਆਂ ਸਖਤ ਸ਼ਰਤਾਂ ਦੀ ਨਿਖੇਧੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾਈ ਲੀਡਰਸ਼ਿਪ ਨੇ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਖ਼ਰੀਦ ਦੇ ਮਾਪਦੰਡਾਂ ’ਤੇ ਪੂਰਾ ਨਾ ਹੋਣ ਦੇ ਪੁਰਾਣੇ ਬਹਾਨੇ ਹੇਠ ਕਣਕ ਦੀ ਖ਼ਰੀਦ ਨਾ ਕਰਨ ਦਾ ਦੋਸ਼ ਲਾਉਂਦਿਆਂ ਇਸ ਦੇ ਵਿਰੋਧ ’ਚ 16 ਅਪਰੈਲ ਨੂੰ ਪੰਜਾਬ ਭਰ ’ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਹੈ।
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਭਾਰੀ ਮੀਂਹ, ਝੱਖੜ ਅਤੇ ਹਨੇਰੀ ਨੇ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਹੈ ਅਤੇ ਹਰ ਵੇਲੇ ਉਕਤ ਘਟਨਾਵਾਂ ਵਾਪਰਨ ਦਾ ਹਾਲੇ ਵੀ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਆਖਿਆ ਕਿ ਹੁਣ ਜੋ ਕਣਕ ਦੀ ਫ਼ਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ, ਉਸ ਦੀ ਖਰੀਦ ਨਾ ਹੋਣ ਕਰਕੇ ਅਨਾਜ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗ ਗਏ ਹਨ ਕਿਉਂ ਕਿ ਕੇਂਦਰ ਸਰਕਾਰ ਵੱਲੋਂ ਖ਼ਰੀਦ ’ਤੇ ਲਾਈਆਂ ਸਖ਼ਤ ਸ਼ਰਤਾਂ ਕਾਰਨ ਖ਼ਰੀਦ ਏਜੰਸੀਆਂ ਨੇ ਕਣਕ ਖਰੀਦਣ ਤੋਂ ਇਨਕਾਰ ਕੀਤਾ ਹੋਇਆ ਹੈ, ਜਿਸ ਸਬੰਧੀ ਪੰਜਾਬ ਸਰਕਾਰ ਨੇ ਚੁੱਪ ਧਾਰੀ ਹੋਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਕੇਂਦਰ ਅਤੇ ਰਾਜ ਸਰਕਾਰਾਂ ਫ਼ਸਲਾਂ ਦੀ ਖ਼ਰੀਦ ’ਤੇ ਸਖ਼ਤ ਸ਼ਰਤਾਂ ਮੜ੍ਹ ਕੇ ਖ਼ਰੀਦ ਤੋਂ ਭੱਜਣ ਲਈ ਕਈ ਸਾਲਾਂ ਤੋਂ ਕੋਸ਼ਿਸ਼ਾਂ ਕਰ ਰਹੀਆਂ ਹਨ, ਪਰ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕ ਜਥੇਬੰਦੀਆਂ ਦੇ ਸੰਘਰਸ਼ ਕਾਰਨ ਹਾਲੇ ਤੱਕ ਸਰਕਾਰੀ ਖ਼ਰੀਦ ਜਾਰੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਕਣਕ ਦੇ ਦਾਣੇ ਡੈਮੇਜ ਜਾਂ ਡਿਸਕਲਰ ਹੋਏ ਹਨ। ਉਨ੍ਹਾਂ ’ਤੇ ਸ਼ਰਤਾਂ ਖਤਮ ਜਾਂ ਨਰਮ ਕਰਕੇ ਕਿਸਾਨਾਂ ਨੂੰ ਰਾਹਤ ਤਾਂ ਕੀ ਦੇਣੀ ਸੀ, ਜੋ ਹੁਣ ਫ਼ਸਲ ਮੰਡੀ ਵਿੱਚ ਆਈ ਹੈ, ਉਸ ਨੂੰ ਵੀ ਨਾ ਖ਼ਰੀਦ ਕੇ ਕਿਸਾਨਾਂ ਨੂੰ 10 ਦਿਨਾਂ ਤੋਂ ਵੱਧ ਸਮੇਂ ਤੋਂ ਮੰਡੀਆਂ ਵਿੱਚ ਰੋਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਤੋਂ ਹੱਥ ਖੜ੍ਹੇ ਕਰਵਾ ਕੇ ਜ਼ਮੀਨਾਂ ਖੋਹਣ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਕਣਕ ਦੀ ਖ਼ਰੀਦ ’ਤੇ ਲਾਈਆਂ ਬੇਲੋੜੀਆਂ ਸ਼ਰਤਾਂ ਖਤਮ ਕਰਕੇ ਤੁਰੰਤ ਸਾਰੀ ਕਣਕ ਦੀ ਖ਼ਰੀਦ ਪੂਰੇ ਸਰਕਾਰੀ ਭਾਅ ’ਤੇ ਕੀਤੀ ਜਾਵੇ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਦੀ ਰਾਖੀ ਲਈ 16 ਅਪਰੈਲ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਧਰਨਿਆਂ ’ਚ ਸ਼ਮੂਲੀਅਤ ਕਰਨ।

