ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਹੜ੍ਹ: ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਬਕਾਇਆ 60,000 ਕਰੋੜ ਮੰਗੇ

ਰਾਜ ਆਫ਼ਤ ਰਿਸਪਾਂਸ ਫੰਡ (SDRF) ਵਿੱਚ ਉਪਲਬਧ ਫੰਡਾਂ ਲਈ ਨਿਯਮਾਂ ਵਿੱਚ ਸੋਧ ਦੀ ਮੰਗ ਵੀ ਕੀਤੀ
ਫਾਈਲ ਫੋਟੋ।
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤ ਕਾਰਨ ਪੰਜਾਬ ਦੀ ਦੁਰਦਸ਼ਾ ਨੂੰ ਉਜਾਗਰ ਕਰਦੇ ਹੋਏ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ‘ਰਾਜ ਦੇ ਫੰਡਾਂ’ ਵਿੱਚੋਂ 60,000 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਫੰਡ ਕੇਂਦਰ ਕੋਲ ‘ਬਕਾਇਆ’ ਪਏ ਹਨ। ਮਾਨ ਨੇ ਰਾਜ ਆਫ਼ਤ ਰਿਸਪਾਂਸ ਫੰਡ (SDRF) ਵਿੱਚ ਉਪਲਬਧ ਫੰਡਾਂ ਲਈ ਨਿਯਮਾਂ ਵਿੱਚ ਸੋਧ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੀ ਮਾਰ ਝੱਲਣ ਵਾਲੇ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕਰਨਾ ਚਾਹੁੰਦੀ ਹੈ।

ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਾਲਿਆਂ ਵਿੱਚ ਪਾਣੀ ਭਰ ਜਾਣ ਕਾਰਨ ਪੰਜਾਬ ਗੰਭੀਰ ਹੜ੍ਹਾਂ ਦੀ ਮਾਰ ਹੇਠ ਹੈ।

Advertisement

ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿੱਚੋਂ ਇੱਕ ਨਾਲ ਜੂਝ ਰਿਹਾ ਹੈ, ਜਿਸ ਨਾਲ ਕਰੀਬ 1,000 ਪਿੰਡ ਅਤੇ ਲੱਖਾਂ ਲੋਕ ਅਸਰਅੰਦਾਜ਼ ਹੋਏ ਹਨ। ਭਾਰੀ ਮਾਨਸੂਨ ਬਾਰਿਸ਼, ਡੈਮਾਂ ਤੋਂ ਪਾਣੀ ਛੱਡਣ ਦੇ ਨਾਲ, ਸੱਤ ਜ਼ਿਲ੍ਹਿਆਂ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਵਿਆਪਕ ਹੜ੍ਹਾਂ ਦਾ ਕਾਰਨ ਬਣੀਆਂ ਹਨ।

ਮਾਨ ਨੇ ਲਿਖਿਆ, ‘‘ਭਾਰੀ ਮੌਨਸੂਨ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਸੱਤ ਜ਼ਿਲ੍ਹਿਆਂ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਹੜ੍ਹ ਆ ਗਏ ਹਨ। ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਿਗੜਨ ਦੇ ਆਸਾਰ ਹਨ।’’

ਉਨ੍ਹਾਂ ਕਿਹਾ ਕਿ ਇਸ ਵੇਲੇ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ, ਮੁੱਖ ਤੌਰ ’ਤੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਵਿੱਚ ਡੁੱਬ ਗਏ ਹਨ, ਜਿਸ ਨਾਲ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ, ‘‘ਇਸ ਤੋਂ ਇਲਾਵਾ ਪਸ਼ੂਆਂ ਦਾ ਵੀ ਵਿਆਪਕ ਨੁਕਸਾਨ ਹੋਇਆ ਹੈ, ਜਿਸ ਦਾ ਪੇਂਡੂ ਪਰਿਵਾਰਾਂ ’ਤੇ ਗੰਭੀਰ ਅਸਰ ਪੈ ਰਿਹਾ ਹੈ, ਜਿਨ੍ਹਾਂ ਦੀ ਰੋਜ਼ੀ-ਰੋਟੀ ਡੇਅਰੀ ਅਤੇ ਪਸ਼ੂ ਪਾਲਣ ’ਤੇ ਬਹੁਤ ਜ਼ਿਆਦਾ ਨਿਰਭਰ ਹੈ।’’ ਮਾਨ ਨੇ ਦਾਅਵਾ ਕੀਤਾ ਕਿ ਸੂਬੇ ਦੇ 60,000 ਰੁਪਏ ਦੇ ਫੰਡ ਕੇਂਦਰ ਕੋਲ ਬਕਾਇਆ ਹਨ ਅਤੇ ਇਨ੍ਹਾਂ ਨੂੰ ਜਾਰੀ ਕੀਤਾ ਜਾਣਾ ਚਾਹੀਦਾ ਹੈ।

ਮਾਨ ਨੇ ਕਿਹਾ ਕਿ ਵਸਤਾਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਲਾਗੂ ਕਰਨ ਅਤੇ ਵੈਟ ਪ੍ਰਣਾਲੀ ਤੋਂ ਤਬਦੀਲੀ ਕਾਰਨ ਮਾਲੀਏ ਦਾ ਅਨੁਮਾਨਤ ਸਥਾਈ ਨੁਕਸਾਨ 49,727 ਕਰੋੜ ਰੁਪਏ ਹੈ, ਜਿਸ ਲਈ ‘ਭਾਰਤ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।’

ਉਨ੍ਹਾਂ ਲਿਖਿਆ, ‘‘ਪਿਛਲੇ ਕੁਝ ਸਾਲਾਂ ਵਿੱਚ RDF (ਪੇਂਡੂ ਵਿਕਾਸ ਫੰਡ) ਅਤੇ MDF (ਮੰਡੀ ਵਿਕਾਸ ਫੰਡ) ਵਿੱਚ ਕਟੌਤੀ ਕਾਰਨ ਘਾਟਾ 8,000 ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ।’’ ਮਾਨ ਨੇ ਇਹ ਵੀ ਦੱਸਿਆ ਕਿ ਕੇਂਦਰ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (PMGSY) ਪ੍ਰੋਜੈਕਟਾਂ ਨੂੰ ਰੱਦ ਕਰ ਦਿੱਤਾ ਹੈ, ਜਿਸ ਦੀ ਰਕਮ 828 ਕਰੋੜ ਰੁਪਏ ਹੈ। ਇਸ ਨਾਲ ਰਾਜ ਦੇ ਪੇਂਡੂ ਸੰਪਰਕ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਹੜ੍ਹਾਂ ਕਾਰਨ ਮੁਸ਼ਕਲ ਸਮੇਂ ਦਾ ਸਾਹਮਣਾ ਕਰ ਰਿਹਾ ਹੈ। ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਭਾਰਤ ਸਰਕਾਰ ਕੋਲ ਫਸੇ ਪੰਜਾਬ ਦੇ 60,000 ਕਰੋੜ ਰੁਪਏ ਦੇ ਸਾਰੇ ਫੰਡ ਜਾਰੀ ਕੀਤੇ ਜਾਣ।’’ ਮਾਨ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਵਿੱਚ ਲੋੜੀਂਦੇ ਫੰਡ ਉਪਲਬਧ ਹੋਣ ਦੇ ਬਾਵਜੂਦ, ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਿਰਧਾਰਤ ਮੌਜੂਦਾ ਨਿਯਮ ਕਿਸਾਨਾਂ, ਪਸ਼ੂ ਪਾਲਕਾਂ ਅਤੇ ਕਮਜ਼ੋਰ ਭਾਈਚਾਰਿਆਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਪੂਰੀ ਤਰ੍ਹਾਂ ਨਾਕਾਫ਼ੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਹੋਏ ਅਸਲ ਨੁਕਸਾਨ ਦੇ ਮੁਕਾਬਲੇ ਸੂਚਿਤ ਮਾਪਦੰਡ ‘ਅਸਲੀਅਤ ਤੋਂ ਕੋਹਾਂ ਦੂਰ ਹਨ।’

ਮਾਨ ਨੇ ਇਕ ਮਿਸਾਲ ਦਿੰਦਿਆਂ ਕਿਹਾ ਕਿ ਲਾਗਤ ਸਬਸਿਡੀ, ਜਿੱਥੇ ਫਸਲ ਦਾ ਨੁਕਸਾਨ 33 ਫੀਸਦ ਅਤੇ ਇਸ ਤੋਂ ਵੱਧ ਹੈ, ਪ੍ਰਤੀ ਹੈਕਟੇਅਰ 17,000 ਰੁਪਏ ਨਿਰਧਾਰਤ ਕੀਤੀ ਗਈ ਹੈ, ਜਿਸ ਦਾ ਮਤਲਬ ਹੈ 6,800 ਰੁਪਏ ਪ੍ਰਤੀ ਏਕੜ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਰਕਮ ਦਾ ਭੁਗਤਾਨ ਕਿਸਾਨਾਂ ਨਾਲ ਕੋਝਾ ਮਜ਼ਾਕ ਹੋਵੇਗਾ। ਇਸ ਲਈ ਰਾਜ ਸਰਕਾਰ ਪ੍ਰਤੀ ਏਕੜ 8,200 ਰੁਪਏ ਵਾਧੂ ਯੋਗਦਾਨ ਪਾਉਂਦੀ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ 15,000 ਰੁਪਏ ਅਦਾ ਕਰਦੀ ਹੈ।

ਮਾਨ ਨੇ ਲਿਖਿਆ, ‘‘ਕਿਉਂਕਿ ਫਸਲਾਂ ਲਗਪਗ ਵਾਢੀ ਦੇ ਪੜਾਅ ’ਤੇ ਸਨ, ਮੈਨੂੰ ਲੱਗਦਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਮੈਂ ਤੁਹਾਨੂੰ SDRF ਦੇ ਮੁਆਵਜ਼ੇ ਦੇ ਨਿਯਮਾਂ ਨੂੰ ਸੋਧਣ ਦੀ ਬੇਨਤੀ ਕਰਦਾ ਹਾਂ। ਇਹ ਕਹਿਣ ਦੀ ਲੋੜ ਨਹੀਂ ਕਿ ਰਾਜ ਸਰਕਾਰ SDRF ਦੀ ਯੋਜਨਾ ਅਨੁਸਾਰ 25 ਪ੍ਰਤੀਸ਼ਤ ਦਾ ਯੋਗਦਾਨ ਪਾਉਂਦੀ ਰਹੇਗੀ।’’

Advertisement
Show comments