ਚੰਡੀਗੜ੍ਹ, 14 ਅਗਸਤ
ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਬੰਦ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ’ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ-42 ਯੁਵਕ ਭਵਨ ਵਿਖੇ ਯੁਵਕ ਸੇਵਾਵਾਂ ਡਾਇਰੈਕਟੋਰੇਟ ਵਿਖੇ ਹੋਈ ਮੀਟਿੰਗ ਬਾਅਦ ਕਿਹਾ ਕਿ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਅਤੇ ਨੌਜਵਾਨਾਂ ਨੂੰ ਸੂਬੇ ਵਿੱਚ ਲੀਡਰਸ਼ਿਪ ਦੀ ਭੂਮਿਕਾ ਨਿਭਾਉਣ ਲਈ ਤਿਆਰ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਪੁਰਸਕਾਰ ਵਿੱਚ 51,000 ਰੁਪਏ, ਮੈਡਲ, ਬਲੇਜ਼ਰ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚੋਂ 15 ਤੋਂ 35 ਸਾਲ ਦੀ ਉਮਰ ਦੇ ਦੋ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ।