ਦਵਿੰਦਰ ਪਾਲ
ਚੰਡੀਗੜ੍ਹ, 27 ਅਪਰੈਲ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀ ਬੱਸ ਸੇਵਾ ਨਵੀਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦਿੱਲੀ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਅਸ਼ੀਸ਼ ਕੁੰਦਰਾ ਅਤੇ ਨਵੀਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਮਾਮਲੇ ’ਤੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੀ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵੇਂ ਸਰਕਾਰਾਂ ਦੇ ਮੁੱਖ ਮੰਤਰੀਆਂ ਦਰਮਿਆਨ ਗੱਲਬਾਤ ਉਪਰੰਤ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਦਾਲਤ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀਆਂ ਬੱਸਾਂ ਵੱਖ-ਵੱਖ ਸ਼ਹਿਰਾਂ ਤੋਂ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ ’ਤੇ ਸਫ਼ਰ ਮੁਹੱਈਆ ਕਰਵਾਇਆ ਜਾ ਸਕੇਗਾ। ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਪ੍ਰਮੁੱਖ ਸਕੱਤਰ ਅਸ਼ੀਸ਼ ਕੁੰਦਰਾ ਨੇ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਛੇਤੀ ਹੀ ਹੱਲ ਕੱਢ ਲਿਆ ਜਾਵੇਗਾ ਅਤੇ ਪੰਜਾਬ ਦੀ ਸਰਕਾਰੀ ਬੱਸ ਸਰਵਿਸ ਦਿੱਲੀ ਹਵਾਈ ਅੱਡੇ ਤੱਕ ਚਲ ਸਕੇਗੀ। ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਕੁੱਝ ਕਾਨੂੰਨੀ ਅੜਚਣਾਂ ਖ਼ਤਮ ਹੋਣ ਤੋਂ ਬਾਅਦ ਜਲਦੀ ਹੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਦਾਖ਼ਲਾ ਕੌਮਾਂਤਰੀ ਹਵਾਈ ਅੱਡੇ ਤੱਕ ਹੋ ਜਾਵੇਗਾ। ਮੀਟਿੰਗ ਦੌਰਾਨ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵਿਮਲ ਕੁਮਾਰ ਸੇਤੀਆ, ਵਿਸ਼ੇਸ਼ ਕਮਿਸ਼ਨਰ ਦਿੱਲੀ ਓ ਪੀ ਮਿਸ਼ਰਾ, ਡਿਪਟੀ ਕਮਿਸ਼ਨਰ ਟਰਾਂਸਪੋਰਟ ਦਿੱਲੀ ਵਿਨੋਦ ਯਾਦਵ ਅਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਤੋਂ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਟਰਾਂਸਪੋਰਟ ਕੰਪਨੀ ਸਮੇਤ ਹਰਿਆਣਾ ਰੋਡਵੇਜ਼ ਅਤੇ ਹੋਰ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਤਾਂ ਦਿੱਲੀ ਦੇ ਹਵਾਈ ਅੱਡੇ ਤੱਕ ਜਾ ਰਹੀਆਂ ਹਨ ਪਰ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ਦਾ ਹਵਾਈ ਅੱਡੇ ’ਤੇ ਦਾਖ਼ਲਾ ਬੰਦ ਸੀ। ਇਹ ਮਾਮਲਾ ਸਿਆਸੀ ਤੌਰ ’ਤੇ ਵੀ ਭਖਿਆ ਰਿਹਾ ਹੈ। ਸੂਬੇ ਵਿੱਚ ਕਾਂਗਰਸ ਦੀ ਸਰਕਾਰ ਦੇ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕਾਂਗਰਸ ਸਰਕਾਰ ’ਤੇ ਬਾਦਲ ਪਰਿਵਾਰ ਨੂੰ ਲਾਭ ਪਹੁੰਚਾਉਣ ਦੇ ਦੋਸ਼ ਲਾਉਂਦਿਆਂ ਜਾਣ ਬੁੱਝ ਕੇ ਸਰਕਾਰੀ ਬੱਸਾਂ ਦਾ ਦਾਖ਼ਲਾ ਬੰਦ ਕਰਨ ਦੇ ਦੋਸ਼ ਲਾਏ ਗਏ ਸਨ ਜਦੋਂ ਕਿ ਕਾਂਗਰਸ ਸਰਕਾਰ ਵੱਲੋਂ ਦਾਅਵਾ ਕੀਤਾ ਜਾਂਦਾ ਸੀ ਕਿ ਦਿੱਲੀ ਦੀ ‘ਆਪ’ ਸਰਕਾਰ ਵੱਲੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਦਾਖ਼ਲਾ ਬੰਦ ਕਰਾਇਆ ਗਿਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਗੇਂਦ ਪੂਰੀ ਤਰ੍ਹਾਂ ‘ਆਪ’ ਦੇ ਪਾਲੇ ਵਿੱਚ ਹੈ ਕਿਉਂਕਿ ਦਿੱਲੀ ਵਿੱਚ ਵੀ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਸਰਕਾਰੀ ਬੱਸ ਸੇਵਾ ਪ੍ਰਾਈਵੇਟ ਬੱਸ ਸੇਵਾ ਦੇ ਮੁਕਾਬਲੇ ਲੋਕਾਂ ਨੂੰ ਸਸਤੀ ਪੈਂਦੀ ਹੈ।
ਰੰਧਾਵਾ ਨੇ ਨੋਟਿਸ ਮਿਲਣ ਮਗਰੋਂ ਇਨੋਵਾ ਮੋੜੀ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਜਾਰੀ ਕਰਕੇ ਸਰਕਾਰੀ ਗੱਡੀ ਵਾਪਸ ਕਰਨ ਲਈ ਕਿਹਾ ਹੈ। ਟਰਾਂਸਪੋਰਟ ਵਿਭਾਗ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਦਿੱਤੇ ਨੋਟਿਸ ਵਿੱਚ ਕਿਹਾ ਹੈ ਕਿ ਸਰਕਾਰੀ ਇਨੋਵਾ ਕਰਿਸਟਾ ਟੌਪ ਮਾਡਲ, ਜੋ ਮੰਤਰੀਆਂ ਨੂੰ ਅਲਾਟ ਕੀਤੀ ਜਾਂਦੀ ਹੈ, ਤੁਰੰਤ ਵਾਪਸ ਕੀਤੀ ਜਾਵੇ। ਉਧਰ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਟੀਵੀ ’ਤੇ ਨੋਟਿਸ ਬਾਰੇ ਪਤਾ ਲੱਗਣ ਮਗਰੋਂ ਉਨ੍ਹਾਂ ਆਪਣੀ ਕਾਰ ਵਾਪਸ ਕਰ ਦਿੱਤੀ ਹੈ। ਉਂਜ ਉਨ੍ਹਾਂ ਕਿਹਾ ਕਿ ਉਹ ਵਿਧਾਇਕ ਹਨ ਅਤੇ ਵਿਧਾਇਕਾਂ ਨੂੰ ਵੀ ਸਰਕਾਰ ਵੱਲੋਂ ਇਨੋਵਾ ਕਾਰਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀਆਂ, ਜੋ ਵਿਧਾਇਕ ਵੀ ਚੁਣੇ ਗਏ ਸਨ, ਤੋਂ ਗੱਡੀਆਂ ਵਾਪਸ ਲੈ ਲਈਆਂ ਸਨ। ਸੂਤਰਾਂ ਮੁਤਾਬਕ ਸ੍ਰੀ ਰੰਧਾਵਾ ਹਾਲੇ ਵੀ ਮੰਤਰੀ ਵਜੋਂ ਅਲਾਟ ਹੋਈ ਗੱਡੀ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ ਵਿਭਾਗ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੁੱਝ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੋਂ ਵਾਹਨ ਵਾਪਸ ਕਰਾਉਣ ਦੀ ਕਾਰਵਾਈ ਚੱਲ ਰਹੀ ਹੈ। ਪਿਛਲੇ ਦਿਨਾਂ ਦੌਰਾਨ ਲੋਕ ਨਿਰਮਾਣ ਵਿਭਾਗ ਨੇ ਸਰਕਾਰੀ ਕੋਠੀਆਂ ਵਿੱਚੋਂ ਫਰਨੀਚਰ ਅਤੇ ਹੋਰ ਸਾਮਾਨ ਲਿਜਾਣ ਵਾਲੇ ਕਾਂਗਰਸ ਦੇ ਸਾਬਕਾ ਮੰਤਰੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਸਨ ਅਤੇ ਇਨ੍ਹਾਂ ਸਾਬਕਾ ਮੰਤਰੀਆਂ ਨੇ ਬਣਦੀ ਰਕਮ ਵਿਭਾਗ ਨੂੰ ਜਮਾਂ ਕਰਵਾਕੇ ਆਪਣਾ ਪਿੱਛਾ ਛੁਡਾਇਆ ਸੀ।