ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਈ
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਤਰਸ ਦੇ ਆਧਾਰ ’ਤੇ 23 ਲਾਭਪਾਤਰੀਆਂ ਨੂੰ ਸਿੱਖਿਆ ਵਿਭਾਗ ਵਿਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇੇ। ਮੀਤ ਹੇਅਰ ਨੇ ਪੰਜਾਬ ਭਵਨ ਵਿੱਚ ਨਿਯੁਕਤੀ ਪੱਤਰ ਦੇਣ ਸਮੇਂ ਲਾਭਪਾਤਰੀਆਂ ਨੂੰ ਉੱਜਵਲ ਭਵਿੱਖ ਅਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸੇ ਤਰ੍ਹਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਐੱਸਡੀਓਜ਼ ਦੇ ਨਿਯੁਕਤੀ ਪੱਤਰ ਸੌਂਪੇ। ਲੋਕ ਨਿਰਮਾਣ ਮੰਤਰੀ ਨੇ ਨਿਯੁਕਤੀ ਪੱਤਰ ਸੌਂਪਣ ਮੌਕੇ ਕਿਹਾ ਕਿ ਨਵੇਂ ਐੱਸਡੀਓਜ਼ ਦੀ ਭਰਤੀ ਨਾਲ ਪੀਡਬਲਿਊਡੀ ਵਿਭਾਗ ਦੇ ਕੰਮਾਂ, ਪ੍ਰਾਜੈਕਟਾਂ ਵਿਚ ਹੋਰ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ਵਿੱਚ ਵਾਧਾ ਹੋਵੇਗਾ।
ਮੀਤ ਹੇਅਰ ਵੱਲੋਂ ਅਰਸ਼ਦੀਪ ਸਿੰਘ ਦਾ ਸਨਮਾਨ
ਚੰਡੀਗੜ੍ਹ (ਟਨਸ): ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਸਲਾ-ਅਫ਼ਜ਼ਾਈ ਲਈ ਉਸ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਧਾਈ ਦਿੱਤੀ। ਪੰਜਾਬ ਭਵਨ ਚੰਡੀਗੜ੍ਹ ਵਿੱਚ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਲਈ ਰੱਖੇ ਰਾਤਰੀ ਭੋਜ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਵਿਚ ਚੋਣ ਨਾਲ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਮਿਲੇਗੀ। ਇਸ ਮੌਕੇ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੁਸ਼ਾਲਾ ਪਾ ਕੇ ਸਨਮਾਨਿਤ ਵੀ ਕੀਤਾ।