ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸਵਿਲ ਸਕੱਤਰੇਤ ’ਚ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਚਾਲੂ ਸਾਉਣੀ ਮੰਡੀਕਰਨ ਸੀਜ਼ਨ ਲਈ ਝੋਨੇ ਦੀ ਮਿਲਿੰਗ ਵਾਸਤੇ ‘ਦਿ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਨੂੰ ਹਰੀ ਝੰਡੀ ਦੇ ਦਿੱਤੀ ਗਈ। ਮੰਤਰੀ ਮੰਡਲ ਨੇ ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੀਐੱਸਪੀਸੀਐੱਲ ਦੀ ਕਾਰਜ ਯੋਜਨਾ ਅਤੇ ਨਾਗਰਿਕ ਕੇਂਦਰਿਤ ਈਕੋ-ਸਿਸਟਮ ਕਾਇਮ ਕਰਨ ਲਈ ਐੱਨਐੱਲਐੱਸਐੱਫ ਨਾਲ ਸਮਝੌਤੇ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕਰੋਨਾ ਹੋਣ ਕਰਕੇ ਮੀਟਿੰਗ ’ਚ ਹਾਜ਼ਰ ਨਹੀਂ ਹੋ ਸਕੇ। ਇਸ ਤੋਂ ਇਲਾਵਾ ਕੈਬਨਿਟ ਨੇ ਪ੍ਰਸ਼ਾਸਨਿਕ ਈਕੋ-ਸਿਸਟਮ ਨੂੰ ਅਗਾਂਹਵਧੂ ਤੇ ਵਧੇਰੇ ਪੇਸ਼ੇਵਰ ਬਣਾਉਣ ਵਾਸਤੇ ‘ਨੱਜ ਲਾਈਫ ਸਕਿੱਲਜ਼ ਫਾਊਂਡੇਸ਼ਨ’ ਨਾਲ 27 ਮਹੀਨਿਆਂ ਲਈ ਸਮਝੌਤੇ ਕਰਨ, ਸੂਬਾ ਆਫ਼ਤ ਪ੍ਰਬੰਧਨ ਫੰਡ (ਐੱਸਡੀਐਮਐਫ) ਹੋਂਦ ਵਿੱਚ ਲਿਆਉਣ ਦੀ ਮਨਜ਼ੂਰੀ ਵੀ ਦਿੱਤੀ ਹੈ। ਪੰਜਾਬ ਵਜ਼ਾਰਤ ਨੇ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਜੇਲ੍ਹਾਂ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀਆਂ ਦੀ ਵਿਸ਼ੇਸ਼ ਸਜ਼ਾ ਮੁਆਫੀ ਦੇ ਕੇਸ ਭੇਜਣ ਦੀ ਮਨਜ਼ੂਰੀ ਵੀ ਦਿੱਤੀ ਹੈ।