ਚਰਨਜੀਤ ਭੁੱਲਰ
ਚੰਡੀਗੜ੍ਹ, 8 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਸਰਹੱਦ ’ਤੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲੀਸ ਅਫ਼ਸਰਾਂ ਦੀ ਤਾਇਨਾਤੀ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆ ਕਿਹਾ ਕਿ ਗੇਂਦ ਹੁਣ ਕੇਂਦਰ ਸਰਕਾਰ ਦੇ ਪਾਲੇ ਵਿੱਚ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਮੁੱਖ ਮੰਤਰੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਲਾਏ ਜਾ ਰਹੇ ਇਲਜ਼ਾਮਾਂ ਦੀ ਸਖ਼ਤ ਨਿਖੇਧੀ ਵੀ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਵੱਲੋਂ ਦਿੱਲੀ ਸਰਹੱਦ ’ਤੇ ਕਾਫ਼ੀ ਪਹਿਲਾਂ ਦੇ ਸਮੇਂ ਤੋਂ ਹੀ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਲਈ ਉਨ੍ਹਾਂ ਨੇ ਸੁਭਾਵਿਕ ਤੌਰ ’ਤੇ ਪੁਲੀਸ ਅਧਿਕਾਰੀਆਂ ਨੂੰ ਸਿਰਫ਼ ਕੌਮੀ ਰਾਜਧਾਨੀ ਦਿੱਲੀ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਸਥਿਤੀ ਬਾਰੇ ਨਿਯਮਿਤ ਰੂਪ ਵਿੱਚ ਤਾਜ਼ਾ ਹਾਲਾਤ ਦੀ ਜਾਣਕਾਰੀ ਅਤੇ ਖੁਫ਼ੀਆ ਰਿਪੋਰਟਾਂ ਦੇਣ ਲਈ ਕਿਹਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਦੇ ਮੁਜ਼ਾਹਰੇ ਵਾਲੀ ਥਾਂ ’ਤੇ ਪੰਜਾਬ ਦੇ ਕੁਝ ਕੁ ਪੁਲੀਸ ਕਰਮੀਆਂ ਦੀ ਮੌਜੂਦਗੀ ਦਾ ਗ਼ਲਤ ਮਤਲਬ ਕੱਢ ਕੇ ਇਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਹਾਲਾਤ ’ਤੇ ਨਜ਼ਰ ਰੱਖਣਾ ਸੂਬੇ ਦੀ ਪੁਲੀਸ ਦਾ ਕੰਮ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਸਾਰੀ ਸਥਿਤੀ ਤੋਂ ਜਾਣੂ ਹੋਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੇ ਚੋਟੀ ਦੇ ਆਗੂ ਮੌਜੂਦਾ ਗੱਲਬਾਤ ਦੀ ਪ੍ਰਕਿਰਿਆ ਵਿੱਚ ਸ਼ਾਮਲ ਹਨ ਤਾਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੇ ਇਸ ਵਿੱਚ ਸ਼ਮੂਲੀਅਤ ਕਰਨ ਦਾ ਸਵਾਲ ਕਿੱਥੋਂ ਪੈਦਾ ਹੁੰਦਾ ਹੈ? ਕੈਪਟਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੇ ਇਨ੍ਹਾਂ ਦੋਵਾਂ ਦੇ ਪਾਰਟੀ ਕਾਰਕੁਨ ਝੂਠ ਅਤੇ ਫਰੇਬ ਦਾ ਆਸਰਾ ਲੈ ਕੇ ਆਪਣੀਆਂ ਉਨ੍ਹਾਂ ਨਾਕਾਮੀਆਂ ਨੂੰ ਲੁਕਾਉਣਾ ਚਾਹੁੰਦੇ ਹਨ, ਜਿਸ ਦਾ ਸਾਹਮਣਾ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਦੌਰਾਨ ਕਰਨਾ ਪਿਆ ਹੈ।
ਪੰਜਾਬ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਰੁਖ਼ ਦੀ ਹਮਾਇਤ ਕੀਤੀ
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਅਤੇ ‘ਆਪ’ ਨੇ ਕੇਂਦਰੀ ਖੇਤਰੀ ਕਾਨੂੰਨਾਂ ਬਾਰੇ ਯੂ-ਟਰਨ ਲਿਆ, ਜਦੋਂਕਿ ਪੰਜਾਬ ਸਰਕਾਰ ਨੇ ਸਪੱਸ਼ਟ ਸਟੈਂਡ ਲਿਆ ਅਤੇ ਉਨ੍ਹਾਂ ਦੀ ਸਰਕਾਰ ਨੇ ਮੁੱਢ ਤੋਂ ਹੀ ਇਸ ਮੁੱਦੇ ਬਾਬਤ ਕਿਸਾਨਾਂ ਦੇ ਰੁਖ਼ ਦੀ ਹਮਾਇਤ ਕੀਤੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਵਿਰੋਧੀ ਆਗੂਆਂ ਨੂੰ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਗੁਮਰਾਹਕੁਨ ਪ੍ਰਚਾਰ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ।
ਪੰਜਾਬ ਸਰਕਾਰ ਵੱਲੋਂ ਪੰਛੀਆਂ ਦੀ ਦਰਾਮਦ ’ਤੇ ਪਾਬੰਦੀ
ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀਕੇ ਜੰਜੂਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਆਂਢੀ ਸੂਬਿਆਂ ਵਿੱਚ ਪੰਛੀਆਂ ਸਮੇਤ ਪੋਲਟਰੀ ਨੂੰ ਪ੍ਰਭਾਵਿਤ ਕਰਨ ਵਾਲੇ ਏਵੀਅਨ ਇਨਫਲੂਐਂਜਾ (ਬਰਡ ਫਲੂ) ਦੇ ਫੈਲਾਅ ਦੇ ਮੱਦੇਨਜ਼ਰ ਸੂਬੇ ਨੂੰ ‘ਕੰਟਰੋਲਡ ਏਰੀਆ’ ਐਲਾਨਿਆ ਗਿਆ ਹੈ। ਇੱਕ ਹੋਰ ਵੱਡੇ ਫ਼ੈਸਲੇ ਤਹਿਤ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਤੁਰੰਤ ਪ੍ਰਭਾਵ ਨਾਲ ਪੰਜਾਬ ਰਾਜ ਵਿੱਚ ਪੋਲਟਰੀ ਅਤੇ ਬਿਨਾਂ ਪ੍ਰੋਸੈੱਸ ਵਾਲੇ ਪੋਲਟਰੀ ਮੀਟ ਸਮੇਤ ਜੀਵਤ ਪੰਛੀਆਂ ਦੀ ਦਰਾਮਦ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।