ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਅਕਤੂਬਰ
ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਅੱਜ ਸੂਬਾ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮੁਹਾਲੀ ਸਥਿਤ ਕਿਸਾਨ ਵਿਕਾਸ ਚੈਂਬਰ ਵਿੱਚ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਬਚਾਉਣ ਵਾਲੇ ਲਗਪਗ 150 ਕਿਸਾਨਾਂ ਨੂੰ ਸਨਮਾਨ ਪੱਤਰ ਦਿੱਤੇ ਗਏ। ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾਂ ਨੇ ਕਿਹਾ ਕਿ ਕਿਸਾਨਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਬਾਬੇ ਨਾਨਕ ਦੀ ਸਿੱਖਿਆ ’ਤੇ ਚੱਲ ਕੇ ਵੀ ਖੇਤੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ਹੋਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉੱਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਕਿਸਾਨ ਪਰਾਲੀ ਨੂੰ ਅੱਗ ਲਾਉਣਾ ਛੱਡ ਰਹੇ ਹਨ।
ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ, ਇਸ ਦੀ ਰੋਕਥਾਮ ਅਤੇ ਸਰਕਾਰ ਦੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉੱਦਮੀ ਕਿਸਾਨਾਂ ਗੁਰਪ੍ਰੀਤ ਸਿੰਘ ਚੰਦਬਾਜਾ, ਸੁਰਜੀਤ ਸਿੰਘ ਸਾਧੂਗੜ੍ਹ, ਰਣਜੀਤ ਸਿੰਘ ਬੱਸੀ ਪਠਾਣਾਂ ਤੇ ਕਾਬਲ ਸਿੰਘ ਚੌਗਾਵਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਏ ਬਿਨਾਂ ਆਮਦਨ ਵਿੱਚ ਵਾਧਾ ਹੋਇਆ ਹੈ। ਇਸ ਮੌਕੇ ਸਕੱਤਰ ਰਾਹੁਲ ਤਿਵਾੜੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿਗ ਤੇ ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਸਣੇ ਹੋਰ ਅਧਿਕਾਰੀ ਤੇ ਕਿਸਾਨ ਹਾਜ਼ਰ ਸਨ।
ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਰਿਕਾਰਡ ਤੋੜਿਆ
ਚੰਡੀਗੜ੍ਹ (ਪੱਤਰ ਪ੍ਰੇਰਕ): ਰਾਜ ਸਰਕਾਰਾਂ ਦੀਆਂ ਪਾਬੰਦੀਆਂ ਦੇ ਬਾਵਜੂਦ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਹੈ। ਪਿਛਲੇ 15 ਦਿਨਾਂ ਵਿੱਚ ਪੰਜਾਬ ਅਤੇ ਹਰਿਆਣਾ ’ਚ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਪੀ.ਜੀ.ਆਈ. ਚੰਡੀਗੜ੍ਹ ਦੇ ਵਾਤਾਵਰਨ ਮਾਹਿਰ ਪ੍ਰੋ. ਰਵਿੰਦਰ ਖਾਈਵਾਲ ਦੀ ਰਿਪੋਰਟ ਅਨੁਸਾਰ ਵਾਤਾਵਰਨ ਮਾਹਿਰਾਂ ਦੀ ਟੀਮ ਨੇ ਗੂਗਲ ਮੈਪ ਰਾਹੀਂ ਪੰਜਾਬ ਅਤੇ ਹਰਿਆਣਾ ਵਿੱਚ ਕੁੱਲ 2190 ਥਾਵਾਂ ’ਤੇ ਪਰਾਲੀ ਨੂੰ ਅੱਗ ਲੱਗੀ ਦੇਖੀ। ਇਨ੍ਹਾਂ ਵਿੱਚੋਂ ਇਕੱਲੇ ਪੰਜਾਬ ਵਿੱਚ 2070 ਥਾਵਾਂ ’ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ ਕਿਸਾਨਾਂ ਵੱਲੋਂ ਖੇਤਾਂ ਵਿੱਚ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਨਾਲ ਹਵਾ ਪ੍ਰਦੂਸ਼ਣ ਵਧ ਗਿਆ ਹੈ। ਪ੍ਰੋ. ਖਾਈਵਾਲ ਨੇ ਆਪਣੀ ਰਿਪੋਰਟ ਵਿੱਚ ਆਉਣ ਵਾਲੀ 15 ਨਵੰਬਰ ਦੇ ਨੇੜੇ-ਤੇੜੇ ਇਹ ਅੰਕੜਾ ਹੋਰ ਜ਼ਿਆਦਾ ਵਧਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ।