ਪਾਲ ਸਿੰਘ ਨੌਲੀ
ਜਲੰਧਰ, 19 ਦਸੰਬਰ
ਉਚੇਰੀ ਸਿੱਖਿਆ, ਭਾਸ਼ਾ ਤੇ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਕੰਮ ਕਰਦਿਆਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਸਮੇਤ ਕਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ‘ਮਾਤ ਭਾਸ਼ਾਵਾਂ ਦਾ ਮਹੱਤਵ: ਭਾਰਤੀ ਪ੍ਰਸੰਗ’ ਵਿਸ਼ੇ ’ਤੇ ਕਰਵਾਈ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਭਾਸ਼ਾ ਮੰਤਰੀ ਨੇ ਮਾਂ ਬੋਲੀ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਕੋਈ ਵੀ ਦੇਸ਼ ਜਾਂ ਸੂਬਾ ਆਪਣੀ ਭਾਸ਼ਾ ਨੂੰ ਅਣਗੌਲਿਆਂ ਕਰਕੇ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਖਾਲੀ ਪਈਆਂ ਅਸਾਮੀਆਂ ’ਤੇ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ ਤੇ ਰਾਜ ਭਾਸ਼ਾ ਕਮਿਸ਼ਨ ਬਣਾਉਣ ਲਈ ਵੀ ਯਤਨ ਜੰਗੀ ਪੱਧਰ ’ਤੇ ਜਾਰੀ ਹਨ।
ਕਾਨਫਰੰਸ ਦੇ ਮੁੱਖ ਬੁਲਾਰੇ ਤੇ ਮੁੰਬਈ ਯੂਨੀਵਰਸਿਟੀ ਤੋਂ ਆਏ ਪ੍ਰੋ. ਦੀਪਕ ਪਵਾਰ ਨੇ ਦੇਸ਼ ਵਿੱਚ ਖੇਤਰੀ ਭਾਸ਼ਾਵਾਂ ਨੂੰ ਮਿੱਥ ਕੇ ਅਣਗੌਲਿਆਂ ਕਰਨ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਖੇਤਰੀ ਭਾਸ਼ਾਵਾਂ ਨੂੰ ਮੁੱਢਲੀ ਤੇ ਉਚੇਰੀ ਸਿੱਖਿਆ ਦਾ ਮਾਧਿਅਮ ਬਣਾਉਣ ਦੀ ਲੋੜ ਹੈ ਤਾਂ ਜੋ ਇਨ੍ਹਾਂ ਭਾਸ਼ਾਵਾਂ ਨੂੰ ਬਣਦਾ ਦਰਜਾ ਦਿੱਤਾ ਜਾ ਸਕੇ। ਇਸ ਮੌਕੇ ਡਾ. ਸੁਖਵਿੰਦਰ ਸਿੰਘ ਸੰਘਾ ਨੇ ਕਿਹਾ ਕਿ ਬੱਚਿਆਂ ਦੀ ਮੁਢਲੀ ਪੜ੍ਹਾਈ ਉਨ੍ਹਾਂ ਦੀ ਮਾਤ ਭਾਸ਼ਾ ਵਿੱਚ ਹੀ ਹੋਣੀ ਚਾਹੀਦੀ ਹੈ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਹਰ ਤਰ੍ਹਾਂ ਦੀ ਟੈਕਨੀਕਲ ਪੜ੍ਹਾਈ ਆਪਣੀ ਮਾਤ ਭਾਸ਼ਾ ਵਿੱਚ ਕੀਤੀ ਜਾ ਸਕਦੀ ਹੈ ਤੇ ਉਨ੍ਹਾਂ ਦਾ ਯਤਨ ਹੈ ਕਿ ਉਸ ਲਈ ਟੈਕਸਟ ਪੁਸਤਕਾਂ ਤਿਆਰ ਕਰਵਾਈਆਂ ਜਾਣ। ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਬੁੱਟਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਨੂੰ ਡਾ. ਜੋਗਾ ਸਿੰਘ, ਸਤਨਾਮ ਸਿੰਘ ਮਾਣਕ ਤੇ ਡਾ. ਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਸਭਾ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਸਮਾਗਮ ਦੀ ਕਾਰਵਾਈ ਚਲਾਉਂਦਿਆਂ ਕਨਵੈਨਸ਼ਨ ਦੀ ਰੂਪ-ਰੇਖਾ ਤੇ ਇਸ ਦੇ ਮਕਸਦ ’ਤੇ ਚਾਨਣਾ ਪਾਇਆ। ਡਾ. ਸਰਬਜੀਤ ਸਿੰਘ ਨੇ ਵੀ ਖੇਤਰੀ ਭਾਸ਼ਾਵਾਂ ਬਾਰੇ ਵੱਡਮੁੱਲੇ ਵਿਚਾਰ ਰੱਖੇ।