ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਪਰੈਲ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਵੱਲੋਂ ਦੂਜੇ ਸੂਬਿਆਂ ਦੇ ਭਾਜਪਾ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਦਾਇਰ ਕੀਤਾ ਹੈ। ਪੰਜਾਬ ਪੁਲੀਸ ਹੁਣ ਤੱਕ ਦਿੱਲੀ ਤੇ ਮਹਾਰਾਸ਼ਟਰ ਦੇ ਭਾਜਪਾ ਆਗੂਆਂ ਖ਼ਿਲਾਫ਼ ਅਜਿਹੇ ਤਿੰਨ ਕੇਸ ਦਰਜ ਕਰ ਚੁੱਕੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵੀਡੀਓ ਕਲਿੱਪ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਦਿੱਲੀ ਭਾਜਪਾ ਦੇ ਮੀਡੀਆ ਇੰਚਾਰਜ ਨਵੀਨ ਕੁਮਾਰ ਜਿੰਦਲ ਵਿਰੁੱਧ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ। ਸ੍ਰੀ ਚੁੱਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਪੁਲੀਸ ਨੇ ਮੁੱਖ ਮੰਤਰੀ ਦਫ਼ਤਰ ਵਿੱਚੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾਉਣ ਬਾਰੇ ਟਵੀਟ ਕਰਨ ਕਰ ਕੇ ਮਹਾਰਾਸ਼ਟਰ ਦੇ ਇੱਕ ਭਾਜਪਾ ਵਰਕਰ ਖ਼ਿਲਾਫ਼ ਕੇਸ ਦਰਜ ਕੀਤਾ।