ਚਰਨਜੀਤ ਭੁੱਲਰ
ਚੰਡੀਗੜ੍ਹ, 12 ਅਪਰੈਲ
ਪੰਜਾਬ ਸਰਕਾਰ ਨੇ ਅੱਜ ਕਿਤਾਬਾਂ ਅਤੇ ਸਕੂਲਾਂ ਦੀ ਵਰਦੀ ਨੂੰ ਲੈ ਕੇ ਮਾਪਿਆਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਪ੍ਰਾਈਵੇਟ ਸਕੂਲਾਂ ਨੂੰ ਅਲਟੀਮੇਟਮ ਦੇ ਦਿੱਤਾ ਹੈ। ਸਿੱਖਿਆ ਵਿਭਾਗ ਨੇ ਅੱਜ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਜੇ ਕਿਸੇ ਪ੍ਰਾਈਵੇਟ ਸਕੂਲ ਨੇ ਮਾਪਿਆਂ ਨੂੰ ਕਿਸੇ ਖ਼ਾਸ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖ਼ਰੀਦਣ ਲਈ ਮਜਬੂਰ ਕੀਤਾ ਤਾਂ ਉਨ੍ਹਾਂ ਦੀ ਖ਼ੈਰ ਨਹੀਂ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਰੇਕ ਪ੍ਰਾਈਵੇਟ ਸਕੂਲ ਲਈ ਹੁਣ ਇਹ ਲਾਜ਼ਮੀ ਹੋਵੇਗਾ ਕਿ ਉਹ ਸ਼ਹਿਰਾਂ ਵਿੱਚ ਘੱਟੋ-ਘੱਟ 20 ਅਤੇ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਹਵਾਲੇ ਕਰੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਹੁਕਮਾਂ ਦੀ ਪਾਲਣਾ ਦਾ ਆਖ਼ਰੀ ਮੌਕਾ ਦਿੱਤਾ ਜਾ ਰਿਹਾ ਹੈ। ਜੇਕਰ ਫਿਰ ਵੀ ਸ਼ਿਕਾਇਤ ਮਿਲੀ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ।