ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਬੋਟ ਐਂਬੂਲੈਂਸ ਸ਼ੁਰੂ
ਜਸਬੀਰ ਸਿੰਘ ਚਾਨਾ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੂਰ-ਦੁਰਾਡੇ ਬੈਠੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਬੋਟ ਐਂਬੂਲੈਂਸ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਬੋਟ ਐਂਬੂਲੈਂਸ ’ਚ ਤਾਇਨਾਤ ਮੈਡੀਕਲ ਟੀਮਾਂ ਵੱਲੋਂ ਲੋਕਾਂ ਦੀ ਸਿਹਤ ਦੀ ਜਾਂਚ ਕਰ ਕੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਔਖੀ ਘੜੀ ’ਚ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸ਼ਤੀ ਰਾਹੀਂ ਪ੍ਰਭਾਵਿਤ ਖੇਤਰਾਂ ’ਚ ਜਾ ਕੇ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਤਰਫ਼ੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਚਿਕਨਗੁਨੀਆ, ਚਮੜੀ ਦੇ ਰੋਗਾਂ ਦੀ ਰੋਕਥਾਮ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ’ਚ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਮੌਕੇ ਉਹ ਖੁਦ ਨਿੱਜੀ ਤੌਰ ’ਤੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਰਾਹਤ ਕੇਂਦਰ ਲੱਖ ਵਰਿਆਹ ਦਾ ਵੀ ਦੌਰਾ ਕੀਤਾ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਸਿਵਲ ਸਰਜਨ ਡਾ. ਹਰਪਾਲ ਸਿੰਘ ਤੇ ਹੋਰ ਹਾਜ਼ਰ ਸਨ।