ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੀ ਦੇਖ-ਭਾਲ ਲਈ ਮੁਹਿੰਮ ਸ਼ੁਰੂ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਸ਼ੂਆਂ ਦੀ ਦੇਖ-ਭਾਲ ਲਈ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ ਘਰ-ਘਰ ਜਾ ਕੇ ਪਸ਼ੂਆਂ ਦੇ ਟੀਕੇ ਲਗਾਏ ਜਾ ਰਹੇ ਹਨ। ਸੂਬਾ ਸਰਕਾਰ ਨੇ ਇੱਕ ਹਫਤੇ ’ਚ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਹਨ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ 713 ਪਿੰਡਾਂ ਨੂੰ ਹੁਣ ਤੱਕ ਕਵਰ ਕਰ ਲਿਆ ਗਿਆ ਹੈ, ਜਦੋਂ ਕਿ ਬਾਕੀਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਖੁੱਡੀਆਂ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਰੱਖਿਆ ਕਰਨ ਦੇ ਨਾਲ-ਨਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਦੇ ਵਿੱਤੀ ਭਵਿੱਖ ਨੂੰ ਸੁਰੱਖਿਅਤ ਕਰਨਾ ਵੀ ਹੈ। ਇਸ ਪਹਿਲਕਦਮੀ ਅਧੀਨ ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਪਠਾਨਕੋਟ, ਰੂਪਨਗਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਇਸ ਯੋਜਨਾ ਤਹਿਤ 713 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 1,300 ਤੋਂ ਵੱਧ ਕੈਂਪ ਲਗਾਏ ਹਨ, ਜਿਸ ਵਿੱਚ 2.52 ਲੱਖ ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ। ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਪਸ਼ੂਆਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਨ ਲਈ 428 ਪਿੰਡਾਂ ਵਿੱਚ ਯੂਰੋਮਿਨ ਲਿਕਸ ਅਤੇ 388 ਪਿੰਡਾਂ ਵਿੱਚ ਮਿਨਰਲ ਮਿਕਸਚਰ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਘਰ-ਘਰ ਜਾ ਕੇ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।