ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ
ਆਤਿਸ਼ ਗੁਪਤਾ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਅੱਗੇ ਲਿਆਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਵਿਦੇਸ਼ੀ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਦਾ ਲਾਭ ਭੂਮੀਹੀਣ ਖੇਤੀਬਾੜੀ ਮਜ਼ਦੂਰਾਂ ਦੇ ਬੱਚਿਆਂ ਨੂੰ ਵੀ ਮਿਲੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਵਜ਼ੀਫ਼ਾ ਸਕੀਮ ਅਧੀਨ ਅੱਠ ਲੱਖ ਰੁਪਏ ਤੱਕ ਸਾਲਾਨਾ ਆਮਦਨ ਵਾਲੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਅਤੇ ਭੂਮੀਹੀਣ ਖੇਤੀਬਾੜੀ ਮਜ਼ਦੂਰਾਂ ਦੇ 35 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦੇ ਘੱਟੋ-ਘੱਟ 60 ਫ਼ੀਸਦ ਅੰਕ ਹੋਣੇ ਚਾਹੀਦੇ ਹਨ। ਉਹ ਵਿਦਿਆਰਥੀ ਦੁਨੀਆਂ ਦੀਆਂ ਚੋਟੀ ਦੀਆਂ 500 ਯੂਨੀਵਰਸਿਟੀਆਂ ਵਿੱਚ ਪੜ੍ਹ ਸਕਣਗੇ। ਉਨ੍ਹਾਂ ਕਿਹਾ ਕਿ ਸਕੀਮ ਅਧੀਨ ਵੀਜ਼ਾ, ਹਵਾਈ ਟਿਕਟ, ਟਿਊਸ਼ਨ ਫੀਸ, ਸਾਲਾਨਾ ਰੱਖ-ਰਖਾਅ ਭੱਤਾ 13.17 ਲੱਖ, ਸੰਕਟਕਾਲੀਨ ਭੱਤਾ 1,35,000 ਅਤੇ ਡਾਕਟਰੀ ਬੀਮਾ ਵੀ ਸਰਕਾਰ ਵੱਲੋਂ ਕਰਵਾਇਆ ਜਾਵੇਗਾ। ਇਸ ਵਿੱਚ 20 ਫ਼ੀਸਦ ਰਾਖਵਾਂਕਰਨ ਵਿਦਿਆਰਥਣਾਂ ਨੂੰ ਦਿੱਤਾ ਜਾਵੇਗਾ ਜਦੋਂਕਿ ਸਕੀਮ ਦਾ ਲਾਭ ਇੱਕ ਪਰਿਵਾਰ ਦੇ ਦੋ ਬੱਚੇ ਹੀ ਵੱਖ-ਵੱਖ ਸਮੇਂ ’ਤੇ ਹਾਸਲ ਕਰ ਸਕਣਗੇ। ਇਸ ਲਈ 15 ਸਤੰਬਰ ਤੋਂ 24 ਅਕਤੂਬਰ 2025 ਤੱਕ ਅਕਾਦਮਿਕ ਸਾਲ 2025-26 ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਈ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸੇ ਕਰ ਕੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ 35 ਫ਼ੀਸਦ ਵਿਦਿਆਰਥੀਆਂ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ 1,76,842 ਵਿਦਿਆਰਥੀਆਂ ਨੇ ਇਸ ਯੋਜਨਾ ਦਾ ਲਾਭ ਲਿਆ ਸੀ। ਅੱਜ ਇਹ ਗਿਣਤੀ ਵਧ ਕੇ 2,37,456 ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਿਰਫ਼ 3.71 ਲੱਖ ਵਿਦਿਆਰਥੀਆਂ ਨੂੰ ਹੀ ਸਕਾਲਰਸ਼ਿਪ ਮਿਲੀ ਸੀ ਜਦੋਂਕਿ ਮੌਜੂਦਾ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ 6.78 ਲੱਖ ਵਿਦਿਆਰਥੀ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 2025-26 ਲਈ 2.70 ਲੱਖ ਵਿਦਿਆਰਥੀਆਂ ਦਾ ਟੀਚਾ ਰੱਖਿਆ ਹੈ। ਇਸ ਤੋਂ ਇਲਾਵਾ ਏਮਜ਼ ਬਠਿੰਡਾ, ਆਈ ਆਈ ਟੀ ਰੋਪੜ, ਐੱਨ ਆਈ ਟੀ ਜਲੰਧਰ, ਆਈ ਆਈ ਐੱਮ ਅੰਮ੍ਰਿਤਸਰ, ਐੱਨ ਆਈ ਪੀ ਈ ਆਰ ਮੁਹਾਲੀ, ਐੱਨ ਆਈ ਟੀ ਮੁਹਾਲੀ, ਆਈ ਐੱਸ ਆਈ ਚੰਡੀਗੜ੍ਹ, ਥਾਪਰ ਕਾਲਜ ਪਟਿਆਲਾ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ, ਆਰ ਜੀ ਐੱਨ ਯੂ ਐੱਲ ਪਟਿਆਲਾ, ਆਈਸਰ ਮੁਹਾਲੀ ਅਤੇ ਆਈ ਐੱਚ ਐੱਮ ਗੁਰਦਾਸਪੁਰ ਸਣੇ 11 ਪ੍ਰਮੁੱਖ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ, ਨੂੰ ਵੀ ਵਜ਼ੀਫ਼ਾ ਜਾਰੀ ਕੀਤਾ ਜਾਵੇਗਾ। ਅੰਬੇਡਕਰ ਇੰਸਟੀਚਿਊਟ ਮੁਹਾਲੀ ਵਿੱਚ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਲਈ ਤਿਆਰ ਕਰਨ ਲਈ ਦੋ ਮਹੀਨਿਆਂ ਦਾ ਪੀ ਸੀ ਐੱਸ ਕਰੈਸ਼ ਕੋਰਸ ਸ਼ੁਰੂ ਕੀਤਾ ਜਾਵੇਗਾ।