ਹੜ੍ਹਾਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸੁਖਬੀਰ ਬਾਦਲ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਘੋਨੇਵਾਲਾ ਤੇ ਬਾਉਲੀ ਵਿੱਚ ਸਥਿਤੀ ਦਾ ਜਾਇਜ਼ਾ ਲਿਆ। ਇੱਥੇ ਉਨ੍ਹਾਂ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਸੰਤਾਂ ਤੋਂ ਇਲਾਵਾ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪਿੰਡ ਵਿਛੋਆ ਵਿੱਚ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਦੇ ਅਚਾਰ ਦੀਆਂ ਟਰੈਕਟਰ-ਟਰਾਲੀਆਂ ਨੂੰ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਹੜ੍ਹਾਂ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਇਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਦਰਿਆਵਾਂ ਅਤੇ ਨਹਿਰਾਂ ਦੇ ਬੰਨ੍ਹ ਬੰਨ੍ਹਣ ਲਈ ਧੇਲਾ ਵੀ ਖਰਚ ਨਹੀਂ ਕੀਤਾ ਜਦਕਿ ਦਰਿਆਵਾਂ ਦੇ ਬੰਨ੍ਹ ਮਜ਼ਬੂਤ ਕਰਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰਾਵੀ ਦਰਿਆ ਵਿੱਚ 2-50 ਤੋਂ 3 ਲੱਖ ਕਿਊਸਿਕ ਪਾਣੀ ਛੱਡ ਕੇ ਲੋਕਾਂ ਨੂੰ ਜਾਣ-ਬੁੱਝ ਕੇ ਡੋਬਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਜਰੀਵਾਲ, ਸਿਸੋਦੀਆ ਤੇ ਸਤਿੰਦਰ ਜੈਨ ਚਲਾ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਜ਼ਮੀਨ ਨੂੰ ਪੱਧਰਾ ਕਰਨ ਲਈ ਟਰੈਕਟਰਾਂ ਦੇ ਪ੍ਰਬੰਧ ਅਤੇ ਡੀਜ਼ਲ ਦੇਵੇਗਾ, ਜਦੋਂਕਿ 50 ਹਜ਼ਾਰ ਪੀੜਤ ਪਰਿਵਾਰਾਂ ਲਈ ਕਣਕ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸ਼੍ੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ, ਰਾਣਾ ਰਣਬੀਰ ਸਿੰਘ ਲੋਪੋਕੇ ਤੇ ਪ੍ਰਧਾਨ ਸਵਿੰਦਰ ਸਿੰਘ ਸੈਂਸਰਾ ਆਦਿ ਹਾਜ਼ਰ ਸਨ।