ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜੇ: Harsimrat Kaur Badal
ਸੰਸਦ ਮੈਂਬਰ ਨੇ ਗਡ਼ਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਖੇਤਰ ਦੇ ਪਿੰਡਾਂ ਦਾ ਦੌਰਾ ਕਰਦਿਆਂ ਗੜਿਆਂ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ। ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਦੁੱਖੜੇ ਸੁਣਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਨੁਕਸਾਨੀਆਂ ਫ਼ਸਲਾਂ ਲਈ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਫੋਨ ’ਤੇ ਗੱਲ ਕਰ ਕੇ ਤੁਰੰਤ ਗਿਰਦਾਵਰੀ ਕਰਵਾਉਣ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਜਲਦੀ ਰਾਹਤ ਮਿਲ ਸਕੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਗੜੇਮਾਰੀ ਵਾਲੇ ਦਿਨ ਮੁੱਖ ਮੰਤਰੀ ਬਠਿੰਡਾ ਰੁਕੇ ਹੋਏ ਸਨ। ਉਨ੍ਹਾਂ ਨੂੰ ਤੁਰੰਤ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਾ ਚਾਹੀਦਾ ਸੀ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਸ਼ਾਮ ਨੂੰ ਖੇਤਰ ਵਿੱਚ ਭਰਵੇਂ ਮੀਂਹ ਅਤੇ ਗੜਿਆਂ ਕਾਰਨ ਲਗਪਗ 20 ਹਜ਼ਾਰ ਏਕੜ ਵਿੱਚ ਕਣਕ ਸਮੇਤ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਅੱਜ ਸੰਸਦ ਮੈਂਬਰ ਨੇ ਪਿੰਡ ਅਬਲੂ, ਕੋਠੇ ਲਾਲ, ਕੋਠੇ ਸੰਧੂਆਂ ਵਾਲੇ, ਕੋਠੇ ਕੌਰ ਸਿੰਘ ਵਾਲੇ, ਕੋਠੇ ਚੇਤ ਸਿੰਘ, ਮਹਿਮਾ ਸਰਕਾਰੀ, ਮਹਿਮਾ ਭਗਵਾਨਾ, ਕਿਲੀ ਨਿਹਾਲ ਸਿੰਘ ਵਾਲਾ, ਚੁੱਘੇ ਕਲਾਂ, ਬੱਲੂਆਣਾ, ਗੰਗਾ ਅਤੇ ਦਾਨ ਸਿੰਘ ਵਾਲਾ ਦੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਆਦਿ ਹਾਜ਼ਰ ਸਨ।
ਹਲਕਾ ਵਿਧਾਇਕ ਤੇ ਸੰਸਦ ਮੈਂਬਰ ਆਹਮੋ-ਸਾਹਮਣੇ
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਜਦੋਂ ਖੇਤਰ ਦੇ ਪਿੰਡ ਕੋਠੇ ਸੰਧੂਆਂ ਵਾਲਾ ਵਿੱਚ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਸਨ ਤਾਂ ‘ਆਪ’ ਦੇ ਹਲਕਾ ਭੁੱਚੋ ਨਾਲ ਸਬੰਧਤ ਵਿਧਾਇਕ ਮਾਸਟਰ ਜਗਸੀਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਮੌਕੇ ’ਤੇ ਪੁੱਜ ਗਏ। ਇਸ ਮੌਕੇ ਸੰਸਦ ਮੈਂਬਰ ਨੇ ਵਿਧਾਇਕ ਨੂੰ ਕਿਹਾ, ‘‘ਅੱਗੇ ਵੀ ਸਰਕਾਰ ਕਰਜ਼ਾ ਲੈ ਰਹੀ ਹੈ, ਮੁੱਖ ਮੰਤਰੀ ਨਾਲ ਗੱਲ ਕਰੋ ਕਿ ਹੁਣ ਵੀ 100-200 ਕਰੋੜ ਕਰਜ਼ਾ ਲੈ ਕੇ ਕਿਸਾਨਾਂ ਦੀ ਬਾਂਹ ਫੜੇ। ਦੂਜੇ ਪਾਸੇ ਵਿਧਾਇਕ ਦੇ ਪੁੱਤਰ ਹਰਸਿਮਰਨ ਨੇ ਮੌਕਾ ਸਾਂਭਦੇ ਹੋਏ ਕਿਹਾ, ‘‘ਤੁਸੀਂ ਬਠਿੰਡਾ ਦੇ ਸੰਸਦ ਮੈਂਬਰ ਹੋ ਆਪਾਂ ਰਲ ਕੇ ਕਿਸਾਨਾਂ ਦੀ ਬਾਂਹ ਫੜੀਏ।’’

