ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਫ਼ਾਈ ਲਈ 10 ਕਰੋੜ ਖ਼ਰਚੇ
ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ’ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਸੂਬਾ ਸਰਕਾਰ ਨੇ ਚਾਰ ਦਿਨਾਂ ਵਿੱਚ ਪਿੰਡਾਂ ਦੀ ਸਫ਼ਾਈ ਅਤੇ ਗਾਰ ਕੱਢਣ ’ਤੇ 10.21 ਕਰੋੜ ਰੁਪਏ ਖ਼ਰਚ ਕੀਤੇ ਹਨ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਫ਼ਾਈ ਕਾਰਜਾਂ ਦੌਰਾਨ ਹੜ੍ਹਾਂ ਵਿੱਚ ਮਾਰੇ ਗਏ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਨਿਬੇੜਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ 259 ਪਸ਼ੂਆਂ ਦੇ ਨਿਬੇੜੇ ’ਤੇ 17.54 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ ਤੇ ਪਸ਼ੂਆਂ ਦੀਆਂ ਲਾਸ਼ਾਂ ਦਾ ਨਿਬੇੜਾ 24 ਸਤੰਬਰ ਤੱਕ ਕੀਤਾ ਜਾਵੇਗਾ। ਛੱਪੜਾਂ ਦੀ ਸਫ਼ਾਈ 22 ਅਕਤੂਬਰ ਤੱਕ ਹੋਵੇਗੀ। ਸ੍ਰੀ ਸੌਂਦ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ’ਤੇ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਖ਼ਰਚ ਆਉਣ ਦਾ ਅੰਦਾਜ਼ਾ ਤਿਆਰ ਕੀਤਾ ਹੈ। ਇਨ੍ਹਾਂ ਦੀ ਮੁਰੰਮਤ 15 ਅਕਤੂਬਰ ਤੱਕ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 543 ਫੌਗਿੰਗ ਮਸ਼ੀਨਾਂ ਵਰਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਸਾਰੇ ਹੜ੍ਹ ਪ੍ਰਭਾਵਿਤ 2280 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਬੁਲਾ ਕੇ ਜ਼ਰੂਰੀ ਕੰਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬੀ ਡੀ ਪੀ ਓ ਜਾਂ ਡੀ ਡੀ ਪੀ ਓ ਦੀ ਅਗਵਾਈ ਹੇਠ ਜ਼ਿਲ੍ਹਾ-ਵਾਰ ਨਿਗਰਾਨ ਉਪ-ਕਮੇਟੀਆਂ 19 ਸਤੰਬਰ ਤੋਂ ਫੀਲਡ ਨਿਰੀਖਣ ਸ਼ੁਰੂ ਕਰਨਗੀਆਂ। ਇਹ ਅਧਿਕਾਰੀ ਹਫ਼ਤਾਵਾਰੀ ਤਸਦੀਕ ਰਿਪੋਰਟਾਂ ਜਮ੍ਹਾਂ ਕਰਾਉਣਗੇ ਅਤੇ ਕੰਮ ਹੋਣ ਤੋਂ ਪਹਿਲਾਂ ਤੇ ਬਾਅਦ ਦੀਆਂ ਫੋਟੋਆਂ ਵੀ ਵਿਭਾਗ ਕੋਲ ਜਮ੍ਹਾਂ ਕਰਵਾਉਣਗੇ।