ਸਰਬਜੀਤ ਸਿੰਘ ਭੰਗੂ
ਪਟਿਆਲਾ, 24 ਨਵੰਬਰ
ਮੁੱਖ ਅੰਸ਼
- ਮੁੱਖ ਮੰਤਰੀ ਨੇ ਸਾਲਾਨਾ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕੀਤੀ
- ਸੂਬੇ ’ਚ ‘ਪੰਜਾਬ ਸਿੱਖਿਆ ਮਾਡਲ’ ਲਾਗੂ ਕਰਨ ਦਾ ਐਲਾਨ
ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਅੱਜ ਉਸ ਵੇਲੇ ਵੱਡੀ ਵਿੱਤੀ ਰਾਹਤ ਮਿਲੀ ਜਦੋਂ ਇੱਥੇ ਪਲੇਠੀ ਫੇਰੀ ’ਤੇ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਨੀਵਰਸਿਟੀ ਵੱਲੋਂ ਲਏ ਗਏ 150 ਕਰੋੜ ਰੁਪਏ ਦੇ ਕਰਜ਼ੇ ਦੀ ਅਦਾਇਗੀ ਸਰਕਾਰ ਵੱਲੋਂ ਕੀਤੇ ਜਾਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਵੀ 114 ਕਰੋੜ ਤੋਂ ਵਧਾ ਕੇ 240 ਕਰੋੜ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਯੂਨੀਵਰਸਿਟੀ ’ਚ ‘ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ ਬਹਾਲ ਕੇਂਦਰ’ ਦਾ ਉਦਘਾਟਨ ਕਰਨ ਲਈ ਪੁੱਜੇ ਸਨ। ਉਨ੍ਹਾਂ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ ’ਚ ਲਿਆਉਣ ਲਈ ਸੂਬੇ ’ਚ ‘ਪੰਜਾਬ ਸਿੱਖਿਆ ਮਾਡਲ’ ਲਾਗੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ’ਚੋਂ ਕੱਢ ਕੇ ਮੁੱਢਲਾ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਸ਼ਾ ਦੇ ਨਾਮ ਉਤੇ ਬਣੀ ਵਿਸ਼ਵ ਦੀ ਇਸ ਦੂਜੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਪੰੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਅਤੇ ਖਾਸ ਕਰਕੇ ਮੁੱਖ ਮੰਤਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਸਾਰ ਨਹੀਂ ਲਈ ਜਿਸ ਕਾਰਨ ਪੰਜਾਬੀ ਮਾਂ ਬੋਲੀ ਦੀ ਅਲੰਬਰਦਾਰ ਯੂਨੀਵਰਸਿਟੀ ਵਿੱਤੀ ਸੰਕਟ ’ਚ ਫਸ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਮੰਤਰੀ ਹੁੰਦਿਆਂ ਵੀ ਜ਼ੋਰ ਲਾਇਆ ਸੀ, ਪਰ ਉਸ ਵਕਤ ਮੁੱਖ ਮੰਤਰੀ ਨੇ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।‘ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ-ਬਹਾਲ’ ਕੇਂਦਰ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਮਾਲਵਾ ਖਿੱਤੇ ਵਿੱਚ ਮੁਕਾਮੀ ਕਾਰੋਬਾਰ ਨੂੰ ਸਥਾਪਿਤ ਕਰਨ ਲਈ ਮਦਦਗਾਰ ਹੋਵੇਗਾ। ਉਪ-ਕੁਲਪਤੀ ਡਾ. ਅਰਵਿੰਦ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਮੁੜ ਤੋਂ ਅਜਿਹੇ ਵਿੱਤੀ ਸੰਕਟ ’ਚ ਨਹੀਂ ਘਿਰਨ ਦੇਣਗੇ। ਇਸ ਮੌਕੇ ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਹੋਰ ਆਗੂ ਤੇ ਸ਼ਖ਼ਸੀਅਤਾਂ ਮੌਜੂਦ ਸਨ।