ਹਰਦੀਪ ਸਿੰਘਧਰਮਕੋਟ, 17 ਫ਼ਰਵਰੀਪੰਜਾਬ ਸਰਕਾਰ ਅਮਰੀਕਾ ਤੋਂ ਡਿਪੋਰਟ ਹੋਏ ਸੂਬੇ ਦੇ ਸਾਰੇ ਨੌਜਵਾਨਾਂ ਦੀ ਹਰ ਸੰਭਵ ਮਦਦ ਕਰੇਗੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ। ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨ ਜਸਵਿੰਦਰ ਸਿੰਘ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਨਣ ਅਤੇ ਹਰ ਸੰਭਵ ਸਰਕਾਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੁੱਖ ਮੰਤਰੀ ਦੀ ਵਚਨਬੱਧਤਾ ਪਰਿਵਾਰ ਤੱਕ ਪਹੁੰਚਣ ਲਈ ਆਏ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਆਪਣੀ ਆਰਥਿਕ ਦਸ਼ਾ ਦੇ ਸੁਧਾਰ ਲਈ ਏਜੰਟ ਦੇ ਜ਼ਰੀਏ ਆਪਣਾ ਸਭ ਕੁਝ ਦਾਅ ’ਤੇ ਲਗਾ ਕੇ ਨੌਜਵਾਨ ਜਸਵਿੰਦਰ ਸਿੰਘ ਨੂੰ ਅਮਰੀਕਾ ਭੇਜਿਆ ਸੀ। ਇਸ ਬਦਲੇ ਏਜੰਟ ਨੇ ਉਨ੍ਹਾਂ ਤੋਂ 45 ਲੱਖ ਰੁਪਏ ਦੀ ਰਾਸ਼ੀ ਵਸੂਲੀ ਪਰ ਗਲਤ ਢੰਗ ਨਾਲ ਅਮਰੀਕਾ ਦਾਖਲ ਕਰਵਾਇਆ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਗਲਤ ਏਜੰਟਾਂ ਵਿਰੁੱਧ ਸਖ਼ਤ ਐਕਸ਼ਨ ਲੈਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਏਜੰਟ ਤੋਂ ਪੈਸੇ ਵਾਪਸ ਦਿਵਾਏ ਜਾਣਗੇ।ਵਿਧਾਇਕ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਜਸਵਿੰਦਰ ਸਿੰਘ ਨੇ ਵੀ ਪੱਤਰਕਾਰਾਂ ਨੂੰ ਆਪਣੀ ਹੱਡਬੀਤੀ ਸੁਣਾਈ ਅਤੇ ਏਜੰਟ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੱਤਰਕਾਰਾਂ ਵਲੋਂ ਵਾਰ ਵਾਰ ਪੁੱਛਣ ’ਤੇ ਵੀ ਪਰਿਵਾਰ ਨੇ ਏਜੰਟ ਦਾ ਨਾਮ ਸਾਹਮਣੇ ਲਿਆਉਣ ਤੋਂ ਟਾਲਾ ਵੱਟਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਨ ਪੰਡੋਰੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।