ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਤਰਸਯੋਗ ਹਾਲਤ ਵਿੱਚੋਂ ਕੱਢਣ ਲਈ ਲਈ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਦਾ ਇਹ ਬਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਸੂਬੇ ਲਈ 1,600 ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨੇ ਜਾਣ ਮਗਰੋਂ ਪੰਜਾਬ ਵਿੱਚ ਕਿਸਾਨਾਂ, ਉਨ੍ਹਾਂ ਦੀਆਂ ਯੂਨੀਅਨਾਂ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ (ਭਾਜਪਾ ਨੂੰ ਛੱਡ ਕੇ) ਵਿੱਚ ਵਧ ਰਹੀ ਨਿਰਾਸ਼ਾ ਦੇ ਮੱਦੇਨਜ਼ਰ ਅਹਿਮ ਹੈ। ਹੜ੍ਹਾਂ ਕਾਰਨ ਪੰਜਾਬ ਵਿੱਚ ਹੋਈ ਭਾਰੀ ਤਬਾਹੀ ਦੇ ਮੁਕਾਬਲੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਇਸ ਪੈਕੇਜ ਨੂੰ ਮਾਮੂਲੀ ਕਰਾਰ ਦਿੱਤਾ ਗਿਆ ਹੈ। ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੰਦਾਜ਼ਨ 13,800 ਕਰੋੜ ਰੁਪਏ ਨੁਕਸਾਨ ਦੀ ਗੱਲ ਆਖੀ ਸੀ ਅਤੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ।ਰਾਜਪਾਲ ਕਟਾਰੀਆ ਅੱਜ ਸਵੇਰੇ ਪਠਾਨਕੋਟ ਤੋਂ ਚੰਡੀਗੜ੍ਹ ਮੁੜਦਿਆਂ ਕਿਹਾ, “ਮੈਂ ਹੜ੍ਹ ਦੀ ਸਥਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਹਾਲਾਂਕਿ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਪਰ ਘਰਾਂ ਅਤੇ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।’’ ਉਨ੍ਹਾਂ ਭਰੋਸਾ ਦਿੱਤਾ, “ਆਉਣ ਵਾਲੇ ਦਿਨਾਂ ਵਿੱਚ ਸੌਫ਼ੀਸਦ ਹੋਰ ਸਹਾਇਤਾ ਆਵੇਗੀ।’’ ਇਸੇ ਦੌਰਾਨ ਕਟਾਰੀਆ ਨੇ ਅੱਜ ਮੁਹਾਲੀ ਦੇ ਇੱਕ ਹਸਪਤਾਲ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਹਾਲ-ਚਾਲ ਵੀ ਪੁੱਛਿਆ।