ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਦਸੰਬਰ
ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਸਰਕਾਰ ਵੱਲੋਂ ਸੂਬੇ ਦੇ ਹਾਲਾਤ ਦਾ ਰੋਜ਼ ਜਾਇਜ਼ਾ ਲਿਆ ਜਾ ਰਿਹਾ ਹੈ। ਅੱਜ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਸੂਬੇ ’ਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੀਤੇ ਜਾ ਰਹੇ ਕਰੋਨਾ ਟੈਸਟਾਂ ਦੇ ਪਾਜ਼ੇਟਿਵ ਨਤੀਜੇ 0.3 ਫੀਸਦੀ ਹਨ। ਬੀਤੇ ਕੁਝ ਦਿਨਾਂ ਦੌਰਾਨ ਇਸ ਵਿੱਚ ਵਾਧਾ ਹੋਇਆ ਹੈ। ਅਧਿਕਾਰੀਆਂ ਅਨੁਸਾਰ ਸੂਬੇ ਵਿੱਚ ਹੁਣ ਤਕ ਸਿਰਫ ਇੱਕ ਓਮੀਕਰੋਨ ਦਾ ਮਾਮਲਾ ਸਾਹਮਣੇ ਆਇਆ ਸੀ। 13 ਦਿਨ ਬਾਅਦ ਉਸ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ‘ਹਰ ਘਰ ਦਸਤਕ’ ਮੁਹਿੰਮ ਤਹਿਤ 12,05,069 ਘਰਾਂ ਦਾ ਦੌਰਾ ਕੀਤਾ ਗਿਆ ਹੈ।