ਿਟ੍ਰਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 30 ਅਕਤੂਬਰ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਨਾਲ ਲੈ ਕੇ ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਰੱਖੀ। ਚੇਤੇ ਰਹੇ ਕਿ ਅੰਮ੍ਰਿਤਸਰ ਵਿਚ ਧਰਨਾ ਲਗਾਏ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਦਰਮਿਆਨ ਝੜਪ ਹੋਈ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੂੰ ਮੰਗ ਪੱਤਰ ਸੌਂਪਿਆ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ਖਿਲਾਫ਼ ਦਰਜ ਕਰਾਸ ਕੇਸਾਂ ਨੂੰ ਰੱਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਦੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਸ ਕਰਕੇ ਬਣਨ ਵਾਲੇ ਮਾਹੌਲ ਦੀ ਜ਼ਿੰਮੇਵਾਰੀ ਕਾਂਗਰਸ ਸਰਕਾਰ ਦੀ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਜ਼ਖ਼ਮੀ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਨਾਲ ਸਬੰਧਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਤਾਲੇ ਲਗਾ ਕੇ ਦੁਪਹਿਰ ਸਮੇਂ ਲੰਗਰ ਛਕਣ ਜਾ ਰਹੇ ਮੁਲਾਜ਼ਮਾਂ ਖਿਲਾਫ਼ ਮੰਦਭਾਸ਼ਾ ਵਰਤੀ ਅਤੇ ਇਸ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਖੁੱਲ੍ਹੇਆਮ ਵਿਚਰ ਰਹੇ ਹਨ, ਜਿਸ ਤੋਂ ਸਾਫ਼ ਹੈ ਕਿ ਇਸ ਸਭ ਕੁਝ ਦੀ ਪੁਸ਼ਤਪਨਾਹੀ ਪੰਜਾਬ ਸਰਕਾਰ ਕਰ ਰਹੀ ਹੈ।
ਇਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਮੂਹ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27-ਬੀ ਵਿਖੇ ਇਕੱਤਰਤਾ ਕੀਤੀ। ਮੀਟਿੰਗ ਵਿਚ ਸਿੱਧੇ ਰੂਪ ਵਿਚ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ ਗਿਆ। ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਸਰਕਾਰ ਬਣੀ ਤਾਂ ਸਿੱਖਾਂ ਦੇ ਮਸਲਿਆਂ ਨੂੰ ਦਬਾਉਣ ਦੇ ਨਾਲ-ਨਾਲ ਸਿੱਖ ਸੰਸਥਾਵਾਂ ’ਤੇ ਵੀ ਸਿੱਧੇ ਹਮਲੇ ਕੀਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ 40 ਦਿਨ ਲਗਾਏ ਗਏ ਧਰਨੇ ਅਤੇ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤਾ ਗਿਆ ਕਾਤਲਾਨਾ ਹਮਲਾ ਇਸ ਦੀ ਤਾਜ਼ਾ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਸਮੇਂ ਸਿਰ ਧਰਨਾਕਾਰੀਆਂ ਨੂੰ ਉਠਾਉਂਦੀ ਤਾਂ ਇਹ ਹਾਲਾਤ ਨਾ ਬਣਦੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਗੁਰਪ੍ਰੀਤ ਸਿੰਘ ਝੱਬਰ, ਗੁਰਤੇਜ ਸਿੰਘ ਢੱਡੇ, ਕਰਨੈਲ ਸਿੰਘ ਪੰਜੋਲੀ ਆਦਿ ਸ਼ਾਮਲ ਸਨ।