ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਕਦੋਂ ਤੋਂ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਨਾਲ ਸੌਦਾ ਕਰਕੇ ਅਜਿਹੇ ਬਿੱਲ ਪਾਸ ਕਰ ਦਿੱਤੇ ਹਨ, ਜਿਨ੍ਹਾਂ ਦਾ ਮਕਸਦ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਸਾਬੋਤਾਜ ਕਰਨਾ ਅਤੇ ਰੇਲ ਰੋਕੋ ਅੰਦੋਲਨ ਖਤਮ ਕਰਵਾਉਣਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਚਾਰ ਸਵਾਲ ਪੁੱਛੇ ਹਨ। ਉਨ੍ਹਾਂ ਪੁੱਛਿਆ ਕਿ ਕੀ ਪੰਜਾਬ ਸਰਕਾਰ ਨੇ ਕੇਂਦਰੀ ਖੇਤੀਬਾੜੀ ਮੰਡੀਕਰਨ ਕਾਨੂੰਨ ਰੱਦ ਕਰ ਦਿੱਤੇ ਹਨ?, ਦੂਜਾ, ਕੀ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਿੱਲਾਂ ਵਿੱਚ ਐੱਮਐੱਸਪੀ ਨੂੰ ਕਿਸਾਨਾਂ ਲਈ ਕਾਨੂੰਨੀ ਹੱਕ ਬਣਾ ਦਿੱਤਾ ਹੈੈੈ? ਤੀਜਾ, ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਕਦੋਂ ਤੋਂ ਲਾਗੂ ਹੋਣਗੇੇ? ਅਤੇ ਚੌਥਾ ਸਵਾਲ ਕਿ ਕੀ ਉਨ੍ਹਾਂ ਨੇ ਐੱਮਐੱਸਪੀ ਅਧੀਨ ਆਉਂਦੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਦੇ ਦਿੱਤੀ ਹੈ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ 15 ਦਿਨਾਂ ਵਿੱਚ ਸਵਾਲਾਂ ਦੇ ਜਵਾਬ ਦੇਣ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੇਂਦਰ ਨਾਲ ਰਲ ਕੇ ਲੋਕਾਂ ਨਾਲ ਚਾਲ ਖੇਡ ਰਹੇ ਹਨ।
ਸੁਖਬੀਰ ਸਿਆਸੀ ਆਧਾਰ ਗੁਆ ਚੁੱਕੈ: ਕੈਪਟਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ’ਚ ਪਾਸ ਬਿੱਲਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣਾ ਸਿਆਸੀ ਆਧਾਰ ਗੁਆ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਆਪਣੇ ਪ੍ਰਤੀ ਕਿਸਾਨੀ ਭਾਈਚਾਰੇ ਦੇ ਗੁੱਸੇ ਨੂੰ ਸਪੱਸ਼ਟ ਮਹਿਸੂਸ ਕਰ ਰਿਹਾ ਹੈ ਕਿਉਂਕਿ ਉਹ ਕੇਂਦਰ ਦੇ ਕਾਨੂੰਨਾਂ ਅਤੇ ਸੂਬੇ ਦੇ ਬਿੱਲਾਂ ਵਿਚਾਲੇ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸੂਬੇ ਦੇ ਲੋਕਾਂ ਅੱਗੇ ਦੋ ਗੱਲਾਂ ਸਪੱਸ਼ਟ ਕਰਨੀਆਂ ਚਾਹੀਦੀਆਂ। ਪਹਿਲੀ ਇਹ ਕਿ ਜੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਸਨ ਤਾਂ ਉਨ੍ਹਾਂ ਨੇ ਕੇਂਦਰੀ ਕਾਨੂੰਨਾਂ ਦੀ ਹਮਾਇਤ ਕਿਉਂ ਕੀਤੀ ਸੀ। ਦੂਜਾ ਜੇ ਸੂਬੇ ਦੇ ਬਿੱਲ ਫਾਲਤੂ ਲੱਗਦੇ ਹਨ ਤਾਂ ਇਨ੍ਹਾਂ ਦੀ ਵਿਧਾਨ ਸਭਾ ਵਿੱਚ ਹਮਾਇਤ ਕਿਉਂ ਕੀਤੀ।