ਜੋਗਿੰਦਰ ਸਿੰਘ ਮਾਨ
ਮਾਨਸਾ, 19 ਨਵੰਬਰ
ਬੇਸ਼ੱਕ ਬਣਾਂਵਾਲਾ ਥਰਮਲ ਪਲਾਂਟ ਪਿਛਲੇ ਲਗਾਤਾਰ 20 ਦਿਨਾਂ ਤੋਂ ਬੰਦ ਹੈ ਪਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਉਥੇ ਧਰਨਾ ਲਗਾਤਾਰ ਜਾਰੀ ਹੈ। ਮਾਨਸਾ ਨੇੜੇ ਪਿੰਡ ਬਣਾਂਵਾਲਾ ਵਿੱਚ ਪ੍ਰਾਈਵੇਟ ਭਾਈਵਾਲੀ ਤਹਿਤ ਲੱਗੇ ਇਸ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਅੱਗੇ ਦਿੱਤੇ ਧਰਨੇ ਦੌਰਾਨ ਕਿਸਾਨ ਜਥੇਬੰਦੀ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਲਈ ਸਰਕਾਰਾਂ ਵੱਲੋਂ ਪ੍ਰਾਈਵੇਟ ਤਾਪ ਘਰਾਂ ਦੇ ਪ੍ਰਬੰਧਕਾਂ ਨਾਲ ਕੀਤੇ ਗੁਪਤ ਸਮਝੌਤੇ ਹੀ ਮੁੱਖ ਰੂਪ ਵਿੱਚ ਜ਼ਿੰਮੇਵਾਰ ਹਨ, ਜਿਨ੍ਹਾਂ ਦਾ ਹੱਲ ਹੁਣ ਅਜਿਹੇ ਥਰਮਲਾਂ ਨੂੰ ਬੰਦ ਕਰ ਕੇ ਸੂਬੇ ਵਿੱਚ ਲੱਗੇ ਸਰਕਾਰੀ ਥਰਮਲਾਂ ਨੂੰ ਚਾਲੂ ਕਰਵਾ ਕੇ ਹੀ ਨਿਕਲ ਸਕਦਾ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਨਛੱਤਰ ਸਿੰਘ ਬਹਿਮਣ ਨੇ ਕਿਹਾ ਕਿ ਥਰਮਲ ਅੱਗੇ ਲੱਗਿਆ ਧਰਨਾ ਫ਼ੈਸਲਾ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਈਵੇਟ ਥਰਮਲ ਪਲਾਂਟ ਲਗਾਉਣ ਵਾਲੀਆਂ ਕੰਪਨੀਆਂ ਨਾਲ ਹੋਏ ਸਰਕਾਰੀ ਸਮਝੌਤੇ ਰੱਦ ਕੀਤੇ ਜਾਣ, ਸਾਰੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਸਰਕਾਰ ਆਪਣੇ ਹੱਥ ਵਿੱਚ ਲਵੇ ਅਤੇ ਬੰਦ ਕੀਤੇ ਹੋਏ ਸਰਕਾਰੀ ਥਰਮਲ ਪਲਾਂਟ ਚਾਲੂ ਕੀਤੇ ਜਾਣ।
ਸ਼ਵੇਤ ਮਲਿਕ ਦੇ ਘਰ ਅੱਗੇ ਧਰਨਾ ਜਾਰੀ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਖੇਤੀ ਕਾਨੂੰਨਾਂ ਖ਼ਿਲਾਫ਼ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਪਿਛਲੇ ਲਗਪਗ 50 ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੇ ਆਖਿਆ ਕਿ ਊਹ ਆਪਣੇ ਸਵੈਮਾਣ ਅਤੇ ਬਿਹਤਰ ਭਵਿੱਖ ਲਈ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹਨ। ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਾਏ ਇਸ ਸਾਂਝੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਹਰਜੀਤ ਸਿੰਘ ਝੀਤਾ ਨੇ ਆਖਿਆ ਕਿ ਪੰਜਾਬ ਦੀ ਕੀਤੀ ਗਈ ਘੇਰਾਬੰਦੀ ਦਾ ਮੂੰਹ-ਤੋੜ ਜਵਾਬ ਦੇਣ ਲਈ 26 ਅਤੇ 27 ਨਵੰਬਰ ਨੂੰ ਲੱਖਾਂ ਕਿਸਾਨ ਦਿੱਲੀ ਦਾ ਘਿਰਾਓ ਕਰਨਗੇ।