ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਫਰਵਰੀ
ਪੰਜਾਬ ਵਿਧਾਨ ਸਭਾ ਦੇ ਪਹਿਲੀ ਮਾਰਚ ਤੋਂ ਸ਼ੁਰੂ ਹੋ ਰਹੇ ਇਜਲਾਸ ਨੂੰ ਮੁੱਖ ਤੌਰ ’ਤੇ ਕਿਸਾਨਾਂ ’ਤੇ ਕੇਂਦਰਿਤ ਕਰਨ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਆਖ਼ਰੀ ਬਜਟ ਹੈ ਅਤੇ ਉੁਹ ਆਸ ਕਰਦੇ ਹਨ ਕਿ ਇਹ ਬਜਟ ਪਿਛਲੇ ਤਿੰਨ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਤਸੱਲੀ ਦੇਣ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ ਵਿੱਚ ਖੇਤੀ ਸੈਕਟਰ ਲਈ ਵਧੇਰੇ ਫੰਡ ਰੱਖੇ ਜਾਣ ਤੋਂ ਇਲਾਵਾ ਬੇਜ਼ਮੀਨੇ ਤੇ ਖੇਤ ਮਜ਼ਦੂਰਾਂ ਦੇ ਕਰਜ਼ਾ ਮੁਕਤੀ ਲਈ ਫੰਡਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਲਈ ਘੱਟੋ-ਘੱਟ 10 ਲੱਖ ਰੁਪਏ ਦੀ ਮਦਦ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਬੰਧ ਕੀਤਾ ਜਾਵੇ। ਢੀਂਡਸਾ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਸਰਕਾਰ ਦਾ ਅਹਿਮ ਫਰਜ਼ ਹੈ ਪਰ ਅਫਸੋਸ ਕਿਸਾਨਾਂ ਦੀ ਇਹ ਹਾਲਤ ਕੇਂਦਰ ਨੂੰ ਦਿਖਾਈ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਰਾਹਤ ਦੇਣੀ ਚਾਹੀਦੀ ਹੈ।
ਢੀਂਡਸਾ ਨੇ ਕਾਂਗਰਸ ਨੂੰ ਉਸ ਦਾ ਚੋਣ ਮਨੋਰਥ ਪੱਤਰ ਯਾਦ ਕਰਵਾਉਂਦਿਆਂ ਕਿਹਾ ਕਿ ਕਾਂਗਰਸ ਦੀ ਪਿਛਲੇ ਚਾਰ ਵਰ੍ਹਿਆਂ ਦੀ ਕਾਰਗੁਜ਼ਾਰੀ ਦਾ ਹਿਸਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ।