ਰਵੇਲ ਸਿੰਘ ਭਿੰਡਰ
ਪਟਿਆਲਾ, 26 ਜੂਨ
ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਬੰਦ ਰੱਖਣ ਅਤੇ ਆਈਲੈੱਟਸ ਖੋਲ੍ਹਣ ਦੇ ਫੈਸਲੇ ਨੂੰ ਤਰਕਹੀਣ ਅਤੇ ਮੰਦਭਾਗਾ ਕਰਾਰ ਦਿੱਤਾ। ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਪੰਜਾਬ ਸਰਕਾਰ ਨੇ ਕਾਲਜਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ, ਜਦਕਿ ਸਮੁੱਚੇ ਪੰਜਾਬ ਵਿਚ ਪ੍ਰਾਈਵੇਟ ਤੌਰ ’ਤੇ ਚੱਲ ਰਹੇ ਆਈਲੈੱਟਸ ਸੈਂਟਰ ਬਿਨਾਂ ਕਿਸੇ ਰੋਕ ਟੋਕ ਦੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਸਰਕਾਰ ਦਾ ਇਹ ਮੰਨਣਾ ਹੈ ਕਿ ਕਰੋਨਾ ਦਾ ਪ੍ਰਭਾਵ ਇਨ੍ਹਾਂ ਸੈਟਰਾਂ ਉਪਰ ਨਹੀਂ ਹੋਵੇਗਾ? ਡਾ. ਧਾਲੀਵਾਲ ਨੇ ਕਿਹਾ ਕਿ ਆਈਲੈੱਟਸ ਸੈਂਟਰਾਂ ਨੂੰ ਅਸਿੱਧੇ ਰੂਪ ਵਿਚ ਦਿੱਤੀ ਗਈ ਇਹ ਛੋਟ ਸਰਕਾਰ ਦੀ ਪੱਖਪਾਤੀ ਨੀਤੀ ਦੀ ਮੂੰਹ ਬੋਲਦੀ ਤਸਵੀਰ ਨੂੰ ਪੇਸ਼ ਕਰਦੀ ਹੈ। ਉਚੇਰੀ ਵਿੱਦਿਆ ਸੰਸਥਾਵਾਂ ਨੂੰ ਬੰਦ ਰਹਿਣ ਅਤੇ ਇਸ ਤੋਂ ਉਲਟ ਆਈਲੈੱਟਸ ਸੈਟਰਾਂ ਨੂੰ ਖੁੱਲ੍ਹਾ ਰੱਖਣ ਦਾ ਫੈਸਲਾ ਤਰਕਹੀਣ ਅਤੇ ਆਪਹੁਦਰਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਪ੍ਰਤੀ ਮਾੜੀਆਂ ਨੀਤੀਆਂ ਅਤੇ ਗਲਤ ਰਵੱਈਏ ਕਾਰਨ ਅੱਜ ਵੱਡੀ ਗਿਣਤੀ ਵਿਚ ਵਿਦਿਆਰਥੀ ਆਪਣਾ ਭਵਿੱਖ ਖਰਾਬ ਹੁੰਦਾ ਵੇਖਕੇ ਬਾਹਰਲੇ ਮੁਲਕਾਂ ਵੱਲ ਜਾਣ ਲਈ ਮਜਬੂਰ ਹਨ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੰਸਥਾਵਾਂ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਵੇ।