ਪੰਜਾਬ ਨੂੰ ਪੁਲੀਸ ਰਾਜ ਵਿੱਚ ਬਦਲਿਆ: ਸੁਖਬੀਰ
ਡੀ ਐੱਸ ਪੀ ਸਣੇ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿਵਲ ਹਸਪਤਾਲ ਵਿੱਚ ਦਾਖ਼ਲ ਨੌਜਵਾਨ ਮੋਹਣਜੀਤ ਸਿੰਘ ਨਾਲ ਮੁਲਾਕਾਤ ਕਰ ਕੇ ਉਸ ਦਾ ਹਾਲ-ਚਾਲ ਪੁੱਛਿਆ ਅਤੇ ਪੁਲੀਸ ਤਸ਼ੱਦਦ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਅਤੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।
ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਨੂੰ ਗੁਰੂ ਦੋਖੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਪੁਲੀਸ ਰਾਜ ’ਚ ਬਦਲ ਦਿੱਤਾ ਗਿਆ ਹੈ। ਮੋਹਣਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਅਫ਼ਸਰਾਂ ਵਲੋਂ ਉਸ ਦੇ ਕੇਸ ਪੁੱਟੇ ਗਏ ਅਤੇ ਤਸ਼ੱਦਦ ਕੀਤਾ ਗਿਆ ਜਿਸ ਕਾਰਨ ਉਸ ਨੂੰ ਇੱਕ ਕੰਨ ਤੋਂ ਸੁਣ ਨਹੀਂ ਰਿਹਾ। ਜੇਕਰ ਪੁਲੀਸ ਤਸ਼ੱਦਦ ਲਈ ਜ਼ਿੰਮੇਵਾਰੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਚਾਰ ਮਹੀਨਿਆਂ ਬਾਅਦ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੋਹਣਜੀਤ ਸਿੰਘ ਦੀ ਗ਼ੈਰ-ਕਾਨੂੰਨੀ ਗ੍ਰਿਫਤਾਰੀ, ਉਸ ’ਤੇ ਤਸ਼ੱਦਦ ਢਾਹੁਣ ਤੇ ਉਸ ਦੇ ਧਾਰਮਿਕ ਕਕਾਰਾਂ ਦਾ ਅਪਮਾਨ ਕਰਨ ਦੇ ਮਾਮਲੇ ਦੀ ਤੈਅ ਸਮੇਂ ਵਿਚ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਪਾਰਟੀ ਆਗੂ ਅਰਵਿੰਦ ਖੰਨਾ ਅਤੇ ਵਿਨਰਜੀਤ ਸਿੰਘ ਗੋਲਡੀ ਆਦਿ ਮੌਜੂਦ ਸਨ।
ਡੀ ਜੀ ਪੀ ਤੇ ਡੀ ਆਈ ਜੀ ਨਾਲ ਫੋਨ ’ਤੇ ਗੱਲ ਕੀਤੀ
ਸੁਖਬੀਰ ਬਾਦਲ ਨੇ ਡੀ ਜੀ ਪੀ ਅਤੇ ਡੀ ਆਈ ਜੀ ਪਟਿਆਲਾ ਨਾਲ ਫੋਨ ’ਤੇ ਗੱਲ ਕੀਤੀ ਅਤੇ ਨੌਜਵਾਨ ’ਤੇ ਹੋਏ ਤਸ਼ੱਦਦ ਬਾਰੇ ਜਾਣੂ ਕਰਵਾਉਂਦੇ ਹੋਏ ਡੀ ਐੱਸ ਪੀ ਸੁਨਾਮ ਅਤੇ ਹੋਰ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

