ਜਤਿੰਦਰ ਬੈਂਸ
ਗੁਰਦਾਸਪੁਰ, 29 ਅਕਤੂਬਰ
ਕੇਂਦਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਗੁਰਦਾਸਪੁਰ ’ਚ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਕਿਸਾਨ ਜਾਗਰੂਕਤਾ ਸਭਾ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਮੋਦੀ ਸਰਕਾਰ ਦੀ ਹਰੇਕ ਧੱਕੇਸ਼ਾਹੀ ਦਾ ਟਾਕਰਾ ਪੂਰੀ ਹਿੰਮਤ ਅਤੇ ਹੋਸ਼ ਨਾਲ ਕਰੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਨੂੰ ਪੂਰੇ ਮੁਲਕ ਲਈ ਘਾਤਕ ਦੱਸਦਿਆਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਨਾਲ ਨਾ ਸਿਰਫ਼ ਕਿਸਾਨ ਬਲਕਿ ਸਮਾਜ ਦਾ ਹਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਅਤੇ ਕਿਸਾਨੀ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਲਿਆਂਦੇ ਹਨ ਅਤੇ ਇਨ੍ਹਾਂ ਖ਼ਿਲਾਫ਼ ਲੜਾਈ ਲੰਬੀ ਚੱਲੇਗੀ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿੱਚ ਪੰਜਾਬ ਇਸ ਲੜਾਈ ਵਿੱਚ ਜਿੱਤ ਹਾਸਲ ਕਰੇਗਾ। ਉਨ੍ਹਾਂ ਪੰਜਾਬੀਆਂ ਨੂੰ ਸੁਚੇਤ ਕੀਤਾ ਕਿ ਕੇਂਦਰ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵੀ ਕਰੇਗਾ, ਇਸ ਲਈ ਹੱਕਾਂ ਦੀ ਰਾਖੀ ਲਈ ਵਿੱਢੇ ਸੰਘਰਸ਼ ਵਿੱਚ ਹੋਸ਼ ਅਤੇ ਸਮਝਦਾਰੀ ਨਾਲ ਜਿੱਤ ਦਰਜ ਕਰਨੀ ਹੈ।
ਜਾਖੜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਆਪਣੇ ਬਿੱਲ ਬਣਾਏ ਹਨ ਅਤੇ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਉਪਰਾਲਾ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿਹਾਤੀ ਵਿਕਾਸ ਫੰਡ ਤੋਂ ਮਿਲਦੇ 1050 ਕਰੋੜ ਰੁਪਏ ਰੋਕ ਕੇ ਆਪਣੀ ਮਨਸ਼ਾ ਜਾਹਰ ਕਰ ਦਿੱਤੀ ਹੈ ਕਿ ਭਾਜਪਾ ਸਰਕਾਰ ਪੰਜਾਬ ਦੀ ਆਰਥਿਕ ਨਾਕਾਬੰਦੀ ਕਰ ਰਹੀ ਹੈ। ਇਸ ਤੋਂ ਪਹਿਲਾਂ 9500 ਕਰੋੜ ਰੁਪਏ ਦਾ ਜੀਐੱਸਟੀ ਦਾ ਹਿੱਸਾ ਪੰਜਾਬ ਨੂੰ ਨਹੀਂ ਦਿੱਤਾ ਜਾ ਰਿਹਾ ਹੈ।
ਜਾਖੜ ਨੇ ਦੋਸ਼ ਲਾਇਆ ਕਿ ਕਾਲੇ ਖੇਤੀ ਕਾਨੂੰਨਾਂ ਦਾ ਮੁੱਢ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੀ ਬੰਨ੍ਹ ਦਿੱਤਾ ਸੀ। ਹੁਣ ਅਕਾਲੀ ਦਲ ਦੇ ਨੇਤਾ ਅਸਤੀਫ਼ਾ ਦੇਣ ਨੂੰ ਹੀ ਕੁਰਬਾਨੀ ਆਖ ਕੇ ਕੁਰਬਾਨੀ ਸ਼ਬਦ ਦੇ ਅਰਥਾਂ ਦਾ ਅਨਰਥ ਕਰ ਰਹੇ ਹਨ।