ਪੱਤਰ ਪ੍ਰੇਰਕ
ਮਾਨਸਾ, 27 ਅਪਰੈਲ
ਪੰਜਾਬ ਵਿੱਚ ਬੀਤੇ ਦਿਨੀਂ ਹਲਕੀਆਂ-ਫੁਲਕੀਆਂ ਕਣੀਆਂ ਪੈਣ ਅਤੇ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਭਾਵੇਂ ਲੋਕਾਂ ਨੂੰ ਇੱਕ ਦਿਨ ਲਈ ਗਰਮੀ ਤੋਂ ਰਾਹਤ ਮਿਲੀ ਸੀ, ਪਰ ਉਸ ਮਗਰੋਂ ਗਰਮੀ ਨੇ ਮੁੜ ਜ਼ੋਰ ਫੜ ਲਿਆ ਹੈ। ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਅੱਜ ਤਾਪਮਾਨ 42 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ, ਜਦਕਿ ਅਗਲੇ ਦੋ ਦਿਨਾਂ ਦੌਰਾਨ ਪਾਰਾ ਵਧ ਕੇ 45 ਡਿਗਰੀ ਤੱਕ ਪਹੁੰਚਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ 28 ਤੇ 29 ਅਪਰੈਲ ਨੂੰ ਲੂ ਚੱਲੇਗੀ ਤੇ ਕਈ ਥਾਈਂ ਗਰਮੀ ਦੀ ਮਾਰ ਵਧੇਗੀ।
ਗ੍ਰਾਮੀਣ ਕ੍ਰਿਸ਼ੀ ਮੌਸਮ ਸੇਵਾ (ਭਾਰਤੀ ਮੌਸਮ ਵਿਭਾਗ) ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮੀ ਸਲਾਹ ਬੁਲੇਟਿਨ ਅਨੁਸਾਰ ਅਪਰੈਲ ਦੇ ਰਹਿੰਦੇ ਤਿੰਨ-ਚਾਰ ਦਿਨਾਂ ਸਮੇਤ ਮਈ ਦੇ ਮੁੱਢਲੇ ਇੱਕ-ਦੋ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 42 ਤੋਂ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਤੋਂ 25 ਡਿਗਰੀ ਦਰਮਿਆਨ ਰਹਿਣ ਦੀ ਸੰਭਾਵਨਾ ਹੈ। ਸੂਬੇ ਵਿੱਚ ਮਾਨਸਾ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਤੇ ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਸਿਰਸਾ, ਫਤਿਹਾਬਾਦ, ਹਿਸਾਰ ਤੇ ਰਾਜਸਥਾਨ ਦੇ ਜ਼ਿਲ੍ਹਾ ਗੰਗਾ ਨਗਰ, ਹਨੂੰਮਾਨਗੜ੍ਹ ਵਿੱਚ ਦੁਪਹਿਰ ਸਮੇਂ ਪਾਰਾ 45-46 ਡਿਗਰੀ ਤੱਕ ਅੱਪੜਨ ਲੱਗ ਪਿਆ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਵੱਲੋਂ ਭੇਜੀ ਗਈ ਰਿਪੋਰਟ ਮੁਤਾਬਕ 28 ਤੋਂ 30 ਅਪਰੈਲ ਤੱਕ ਮਾਨਸਾ, ਬਠਿੰਡਾ, ਬਰਨਾਲਾ, ਸੰਗਰੂਰ, ਮੋਗਾ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਪਟਿਆਲਾ ਅਤੇ ਐੱਸਏਐੱਸ ਨਗਰ (ਮੁਹਾਲੀ) ਵਿੱਚ ਲੂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ 29 ਅਪਰੈਲ ਨੂੰ ਮਾਨਸਾ, ਬਠਿੰਡਾ, ਮੁਕਤਸਰ, ਫਾਜ਼ਿਲਕਾ ਵਿੱਚ ਧੂੜ ਅਤੇ ਗਰਜ ਤੇ ਚਮਕ ਨਾਲ ਹਲਕੀਆਂ ਕਣੀਆਂ ਪੈ ਸਕਦੀਆਂ ਹਨ। ਇਸੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ.ਐੱਸ. ਰੋਮਾਣਾ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਸਬਜ਼ੀਆਂ ਦੀਆਂ ਫ਼ਸਲਾਂ ਨੂੰ ਸੋਕੇ ਅਤੇ ਤਪਸ਼ ਤੋਂ ਬਚਾਉਣ ਲਈ ਹਲਕੀ ਅਤੇ ਵਾਰ-ਵਾਰ ਸਿੰਜਾਈ ਕੀਤੀ ਜਾਵੇ। ਉਨ੍ਹਾਂ ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਭਰਵੀਂ ਰੌਣੀ ਕਰਨ ਲਈ ਕਿਹਾ ਹੈ।