ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਂਦੇ ਨੂੰ ਇਕ ਸਾਲ ਹੋ ਚੁੱਕਾ ਹੈ। ਪਹਿਲੇ ਸਾਲ ਦੌਰਾਨ ਸੂਬੇ ਦੇ 90 ਫ਼ੀਸਦ ਲੋਕਾਂ ਨੇ ਮੁਫ਼ਤ ਬਿਜਲੀ ਦਾ ਲਾਭ ਲਿਆ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖ਼ਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਕਿਸਾਨਾਂ ਨੂੰ ਵੀ ਮੁਫ਼ਤ ਤੇ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਲਈ ਬਿਨਾਂ ਕਿਸੇ ਕੱਟ ਤੋਂ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪਾਵਰਕੌਮ ਨੂੰ ਘਾਟੇ ਵਿੱਚ ਵੀ ਨਹੀਂ ਜਾਣ ਦਿੱਤਾ ਜਦਕਿ ਪਿਛਲੀਆਂ ਸਰਕਾਰਾਂ ਵੇਲੇ ਦਾ ਸਰਕਾਰ ਵੱਲ ਪਾਵਰਕੌਮ ਦਾ ਵੱਡਾ ਬਕਾਇਆ ਖੜ੍ਹਾ ਸੀ। ਪਿਛਲੀ ਸਰਕਾਰਾਂ ਦੇ 9020 ਕਰੋੜ ਰੁਪਏ ਸਬਸਿਡੀ ਦੇ ਬਕਾਇਆ ਸਨ ਜਿਸ ਲਈ ‘ਆਪ’ ਸਰਕਾਰ ਨੇ ਕਿਸ਼ਤਾਂ ਕਰਕੇ 1804 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਘਰੇਲੂ ਖ਼ਪਤਕਾਰਾਂ ਤੇ ਹੋਰ ਸਬਸਿਡੀ ਦੇ ਕੁੱਲ 20,200 ਕਰੋੜ ਰੁਪਏ ਵੀ ਅਦਾ ਕਰ ਦਿੱਤੇ ਹਨ। ਇਹ ਕਦਮ ਪਿਛਲੀਆਂ ਸਰਕਾਰਾਂ ਵਾਂਗ ਕਰਜ਼ਾ ਲੈ ਕੇ ਨਹੀਂ, ਸਗੋਂ ਖਜ਼ਾਨੇ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਿਨਾਂ ਕਿਸੇ ਰੁਕਾਵਟ ਤੋਂ ਬਿਜਲੀ ਸਪਲਾਈ ਕਰ ਰਹੀ ਹੈ।
ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ ਜੋ 2015 ਤੋਂ ਬੰਦ ਸੀ। ਇਸ ਕਾਰਨ ਪੰਜਾਬ ਕੋਲ ਅੱਜ ਕੋਲੇ ਦਾ 43 ਦਿਨਾਂ ਦਾ ਭੰਡਾਰ ਮੌਜੂਦ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਵਿੱਚ ਬਲੈਕਆਊਟ ਦਾ ਖਤਰਾ ਮੰਡਰਾਉਂਦਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਭਰ ਦੀਆਂ ਸਰਕਾਰਾਂ ਪੈਸੇ ਕਮਾਉਣ ਲਈ ਸਰਕਾਰੀ ਜਾਇਦਾਦਾਂ ਵੇਚ ਰਹੀਆਂ ਹਨ ਪਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦਾ ਫੈਸਲਾ ਕਰਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ।
‘ਭਾਜਪਾ ਝੂਠੇ ਵਾਅਦੇ ਕਰਦੀ ਹੈ, ਅਸੀਂ ਕਈ ਗਾਰੰਟੀਆਂ ਪੂਰੀਆਂ ਕੀਤੀਆਂ’
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਅੱਜ ਛੱਤੀਸਗੜ੍ਹ ’ਚ ਚੋਣ ਪ੍ਰਚਾਰ ਲਈ ਬਿਗਲ ਵਜਾ ਦਿੱਤਾ ਹੈ। ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛਤੀਸਗੜ੍ਹ ਦੇ ਬਿਲਾਸਪੁਰ ’ਚ ਰੈਲੀ ਨੂੰ ਸੰਬੋਧਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਝੂਠੇ ਵਾਅਦੇ ਕਰਦੀ ਹੈ ਪਰ ਅਸੀਂ ਦਿੱਲੀ ਤੇ ਪੰਜਾਬ ’ਚ ਬਿਜਲੀ ਸਣੇ ਕਈ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀਆਂ ਸਰਕਾਰੀ ਕੰਪਨੀਆਂ ਨੂੰ ਵੇਚ ਰਹੀ ਹੈ ਜਦਕਿ ਪੰਜਾਬ ਵਿੱਚ ‘ਆਪ’ ਸਰਕਾਰ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ।