ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੁਲਾਈ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੈਪਟਨ ਅਤੇ ਬਾਦਲ ਸਰਕਾਰਾਂ ਦੀਆਂ ਸਿੱਖਿਆ ਤੇ ਭਾਸ਼ਾ ਵਿਰੋਧੀ ਨੀਤੀਆਂ ਕਾਰਨ ਸਮੁੱਚਾ ਪੰਜਾਬ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਪਛੜਦਾ ਜਾ ਰਿਹਾ ਹੈ। ਸੂਬੇ ਦੇ ਕਾਲਜਾਂ ਵਿੱਚ ਪੰਜਾਬੀ ਦੇ ਪ੍ਰੋਫੈਸਰ ਵੀ ਨਹੀਂ ਹਨ ਜਦੋਂ ਕਿ ਇਹ ਸੂਬੇ ਦੀ ਸਰਕਾਰੀ ਅਤੇ ਆਮ ਲੋਕਾਂ ਦੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਦੀ ਮਾੜੀ ਹਾਲਤ ਅਤੇ ਪੰਜਾਬੀ ਸਮੇਤ ਹੋਰਨਾਂ ਵਿਸ਼ਿਆਂ ਦੇ ਪ੍ਰੋਫੈਸਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਮੁੱਦਾ ਉਚੇਚੇ ਤੌਰ ’ਤੇ ਉਠਾਇਆ ਜਾਵੇਗਾ। ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 47 ਡਿਗਰੀ ਕਾਲਜ ਹਨ, ਜਿਨ੍ਹਾਂ ਵਿੱਚ 1996 ਤੋਂ ਪ੍ਰੋਫੈਸਰਾਂ ਦੀ ਪੱਕੀ (ਰੈਗੂਲਰ) ਭਰਤੀ ਨਹੀਂ ਕੀਤੀ ਗਈ। ਇਨ੍ਹਾਂ 47 ਕਾਲਜਾਂ ਵਿੱਚ ਪੰਜਾਬੀ ਦੇ ਸਿਰਫ 18 ਪ੍ਰੋਫੈਸਰ ਹਨ।