ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜੀ ਐੱਸ ਟੀ ਵਿੱਚ ਕੀਤੀਆਂ ਸੋਧਾਂ ਦੇ ਬਾਵਜੂਦ ਪੰਜਾਬ ਨੇ ਜਨਵਰੀ ਮਹੀਨੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਵਾਧਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਜੀ ਐੱਸ ਟੀ ਵਿਕਾਸ ਦਰ ਵਿੱਚ ਦੇਸ਼ ਵਿੱਚ ਸਭ ਤੋਂ ਮੋਹਰੀ ਰਿਹਾ। ਉਨ੍ਹਾਂ ਕਿਹਾ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀ ਐੱਸ ਟੀ ਵਸੂਲਿਆ ਗਿਆ ਹੈ, ਜੋ ਕਿ ਜਨਵਰੀ 2025 ਦੇ ਮੁਕਾਬਲੇ 14.4 ਫ਼ੀਸਦ ਵੱਧ ਹੈ।
ਇਸ ਤਰ੍ਹਾਂ ਪੰਜਾਬ ਨੇ ਪਿਛਲੇ ਸਾਲ ਦੇ ਮੁਕਾਬਲੇ 315 ਕਰੋੜ ਰੁਪਏ ਵੱਧ ਜੀ ਐੱਸ ਟੀ ਇਕੱਠਾ ਕੀਤਾ। ਚੀਮਾ ਨੇ ਕਿਹਾ ਕਿ ਜੀ ਐੱਸ ਟੀ ਦਰਾਂ ਵਿੱਚ ਸੋਧਾਂ ਕਰਕੇ ਪੰਜਾਬ ਨੂੰ ਹਰ ਮਹੀਨੇ ਲਗਪਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹੋਏ। ਇਸ ਨੁਕਸਾਨ ਦੇ ਬਾਵਜੂਦ ਪੰਜਾਬ ਨੇ ਨਾ ਸਿਰਫ ਮਾਲੀਏ ’ਤੇ ਪਏ ਪ੍ਰਭਾਵ ਦੀ ਭਰਪਾਈ ਕੀਤੀ, ਬਲਕਿ ਵੱਧ ਵਿਕਾਸ ਦਰ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੇ ਮਾਲੀਆ ਆਧਾਰ ਨੂੰ ਸੁਰੱਖਿਅਤ ਰੱਖਿਆ ਹੈ ਅਤੇ ਰਾਸ਼ਟਰੀ ਔਸਤ ਤੋਂ ਕਿਤੇ ਵੱਧ ਵਿਕਾਸ ਦਰ ਹਾਸਲ ਕੀਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ ਨਿਰਪੱਖ, ਪਾਰਦਰਸ਼ੀ ਅਤੇ ਤਕਨਾਲੋਜੀ ਆਧਾਰਿਤ ਟੈਕਸ ਪ੍ਰਬੰਧਕੀ ਢਾਂਚਾ ਯਕੀਨੀ ਬਣਾਉਣ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਰੱਖਣ ਦੇ ਨਾਲ ਨਾਲ ਕਾਰੋਬਾਰ ਵਿੱਚ ਆਸਾਨੀ ਅਤੇ ਪਾਲਣਾ ਕਰਨ ਵਾਲੇ ਕਰਦਾਤਾਵਾਂ ਲਈ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਂਦਾ ਹੈ।

