Punjab MC Elections: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦੇ ‘ਸੁਪਰੀਮ ਹੁਕਮ’
ਜਾਂਚ ਕਮਿਸ਼ਨ ਦੀ ਰਿਪੋਰਟ ਮੁਤਾਬਕ ਸੂਬਾ ਸਰਕਾਰ ਚੋਣਾਂ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕਰੇ: ਚੀਫ਼ ਜਸਟਿਸ
ਪੰਜਾਬ ਦੀਆਂ ਵਿਵਾਦਗ੍ਰਸਤ ਤਿੰਨ ਨਗਰ ਕੌਂਸਲ ਚੋਣਾਂ ਛੇ ਹਫ਼ਤਿਆਂ ਅੰਦਰ ਕਰਵਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਬੰਧਤ ਚੋਣ ਅਤੇ ਪੁਲੀਸ ਅਮਲੇ ਉੱਤੇ ਵੀ ਗਾਜ ਡਿੱਗਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਮਾਨਯੋਗ ਸੁਪਰੀਮ ਕੋਰਟ ਦੇ ਮੁੱਖ ਜੱਜ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਸੁਣਾਏ ਆਪਣੇ ਫ਼ੈਸਲੇ ਵਿੱਚ ਚੋਣ ਅਮਲ ਵਿੱਚ ਸ਼ਾਮਲ ਸਰਕਾਰੀ ਅਫ਼ਸਰਾਂ ਵਿਰੁੱਧ ਗੰਭੀਰ ਟਿੱਪਣੀਆਂ ਕੀਤੀਆਂ ਹਨ।
ਜਦੋਂ ਸੁਣਵਾਈ ਕਰ ਰਹੇ ਚੀਫ਼ ਜਸਟਿਸ ਦੇ ਧਿਆਨ ਵਿੱਚ ਕੇਸ ਦੀ ਪੈਰਵੀ ਕਰ ਰਹੇ ਵਕੀਲ ਨੇ ਲਿਆਂਦਾ ਕਿ ਜਾਂਚ ਕਮਿਸ਼ਨ ਵੱਲੋਂ ਪੇਸ਼ ਰਿਪੋਰਟ ਵਿੱਚ ਉਸ ਵੇਲੇ ਚੋਣ ਡਿਊਟੀ ਨਿਭਾਅ ਰਹੇ ਚੋਣ ਅਧਿਕਾਰੀ ਅਤੇ ਪੁਲੀਸ ਅਧਿਕਾਰੀ ਵੀ ਪੱਖਪਾਤ ਦਾ ਹਿੱਸਾ ਸਨ, ਤਾਂ ਚੀਫ਼ ਜਸਟਿਸ ਵੱਲੋਂ ਕਿਹਾ ਗਿਆ ਕਿ ਇਹ ਰਿਪੋਰਟ ਪਹਿਲਾਂ ਪੈਂਡਿੰਗ ਸੀ, ਹੁਣ ਸਵੀਕਾਰੀ ਜਾ ਚੁੱਕੀ ਹੈ, ਇਸ ਲਈ ਹੁਣ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕਰਨੀ ਪੈਣੀ ਹੈ। ਸੁਪਰੀਮ ਕੋਰਟ ਵੱਲੋਂ ਬੇਸ਼ੱਕ ਆਪਣੇ ਹੁਕਮਾਂ ਵਿੱਚ ਅਧਿਕਾਰੀਆਂ ਦੀ ਸਿੱਧੀ ਬਰਖ਼ਾਸਤਗੀ ਦੇ ਹੁਕਮ ਸ਼ਾਮਲ ਨਹੀਂ ਕੀਤੇ ਗਏ ਹਨ, ਲੇਕਿਨ ਪੰਜਾਬ ਸਰਕਾਰ ਵੱਲੋਂ ਉਕਤ ਹੁਕਮਾਂ ਦੀ ਪਾਲਣਾ ਦੀ ਦਿਸ਼ਾ ਵਿੱਚ ਉਸ ਵੇਲੇ ਦੇ ਚੋਣ ਅਮਲੇ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਉਣੀ ਸਰਕਾਰ ਦੀ ਮਜਬੂਰੀ ਬਣ ਗਈ ਹੈ।
ਇੱਥੇ ਦੱਸਣਯੋਗ ਹੈ ਕਿ ਪੰਜਾਬ ਦੀਆਂ ਤਿੰਨ ਨਗਰ ਕੌਂਸਲਾਂ (ਪਟਿਆਲਾ, ਧਰਮਕੋਟ ਅਤੇ ਬਾਘਾਪੁਰਾਣਾ) ਦੀਆਂ ਸਾਲ 2024 ਦੀਆਂ ਆਮ ਚੋਣਾਂ ਵਿੱਚ ਵਿਰੋਧੀਆਂ ਵੱਲੋਂ ਧੱਕੇਸ਼ਾਹੀ ਅਤੇ ਪੱਖਪਾਤ ਦੇ ਦੋਸ਼ ਲਗਾਉਂਦਿਆਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ। ਉਸ ਤੋਂ ਬਾਅਦ ਉੱਚ ਅਦਾਲਤ ਵੱਲੋਂ ਗੰਭੀਰ ਦੋਸ਼ਾਂ ਦੇ ਚੱਲਦਿਆਂ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ।
ਜਾਂਚ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਵੱਲੋਂ ਉਕਤ ਸਾਰੀਆਂ ਨਗਰ ਕੌਂਸਲਾਂ ਵਿੱਚ ਫਿਰ ਤੋਂ ਚੋਣਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਚੋਣ ਅਮਲ ਛੇ ਹਫ਼ਤਿਆਂ ਅੰਦਰ ਮੁਕੰਮਲ ਕਰਨ ਦੀ ਹਿਦਾਇਤ ਵੀ ਸਰਕਾਰ ਨੂੰ ਕੀਤੀ ਗਈ ਹੈ। ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੋਹਨ ਸਿੰਘ ਖੇਲਾ ਨੇ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਲੰਘੀਆਂ ਚੋਣਾਂ ਵਿੱਚ ਸ਼ਾਮਲ ਅਮਲੇ ਵਿਰੁੱਧ ਕਾਰਵਾਈ ਨਾ ਕੀਤੀ ਗਈ, ਤਾਂ ਉਹ ਫਿਰ ਤੋਂ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।

