ਪੰਜਾਬ ਦੇ ਵਜ਼ੀਰਾਂ ਵੱਲੋਂ ਸਟਾਲਿਨ ਨਾਲ ਮੁਲਾਕਾਤ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ੍ਰੀ ਸਟਾਲਿਨ ਨੂੰ ਗੁਰੂ ਤੇਗ਼ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਮੰਤਰੀਆਂ ਨੇ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿੱਚ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਹੋਣਗੇ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ, ਜਦਕਿ ਗੁਰੂ ਸਾਹਿਬ ਦੇ ਚਰਨ ਛੋਹ 130 ਪਾਵਨ ਅਸਥਾਨਾਂ ’ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਦੌਰਾਨ ਹਰਭਜਨ ਸਿੰਘ ਈ ਟੀ ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓਂ ਜਾਣਿਆ।