Punjab News: ਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ ਜਮਾਵੜਾ
ਕਰਮਜੀਤ ਸਿੰਘ ਚਿੱਲਾ ਐਸਏਐਸ ਨਗਰ (ਮੁਹਾਲੀ), 25 ਜੂਨ ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ 68 ਸਥਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ...
ਕਰਮਜੀਤ ਸਿੰਘ ਚਿੱਲਾ
ਐਸਏਐਸ ਨਗਰ (ਮੁਹਾਲੀ), 25 ਜੂਨ
ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ 68 ਸਥਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ‘ਵਿਜੀਲੈਂਸ ਭਵਨ’ ਵਿਖੇ ਲਿਆਂਦਾ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਭਵਨ ਵਿਖੇ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਵੱਡੀ ਗਿਣਤੀ ਅਕਾਲੀ ਆਗੂ ਤੇ ਵਰਕਰ ਵੀ ਵਿਜੀਲੈਂਸ ਭਵਨ ਦੇ ਬਾਹਰ ਪਹੁੰਚੇ ਹੋਏ ਹਨ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤੇ ਮਜੀਠੀਆ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਹੋਰ ਲੀਡਰਸ਼ਿਪ ਦੇ ਵੀ ਮੁਹਾਲੀ ਪਹੁੰਚਣ ਦੇ ਆਸਾਰ ਜਤਾਏ ਜਾ ਰਹੇ ਹਨ।
ਦੂਜੇ ਪਾਸੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਰਣਜੀਤ ਸਿੰਘ ਗਿੱਲ ਆਦਿ ਆਗੂ ਮੁਹਾਲੀ ਅਦਾਲਤ ਵਿਚ ਪਹੁੰਚੇ ਹੋਏ ਹਨ।
ਗ਼ੌਰਤਲਬ ਹੈ ਕਿ ਵਿਜੀਲੈਂਸ ਟੀਮ ਵੱਲੋਂ ਉਨ੍ਹਾਂ ਨੂੰ ਇਥੇ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ ਪਰ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ ਸੀ ਅਤੇ ਆਪਣੇ ਦਫ਼ਤਰ ਵਿਚ ਹੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:
ਮਜੀਠੀਆ ਦੇ ਘਰੋਂ 29 ਮੋਬਾਈਲ, 4 ਲੈਪਟਾਪ, 2 ਆਈਪੈਡ ਅਤੇ 8 ਡਾਇਰੀਆਂ ਜ਼ਬਤ
ਬਿਕਰਮ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਤੇ ਦਫ਼ਤਰ ’ਤੇ ਵੀ ਵਿਜੀਲੈਂਸ ਤੇ ਮਜੀਠਾ ਪੁਲੀਸ ਵੱਲੋਂ ਛਾਪੇ
ਮੁਹਾਲੀ ਅਦਾਲਤ ਦੇ ਬਾਹਰ ਮੁਹਾਲੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਤਰ ਹੋ ਚੁੱਕੇ ਹਨ। ਅਕਾਲੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਦੀ ਕੀਤੀ ਗਈ। ਪਰਵਿੰਦਰ ਸਿੰਘ ਸੁਹਾਣਾ ਨੇ ਮਜੀਠੀਆ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਬੁਖਲਾਹਟ ਦੱਸਿਆ।
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਆਗੂ ਵੀ ਮੁਹਾਲੀ ਅਦਾਲਤ ਦੇ ਬਾਹਰ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਰਹੇ।