Punjab News: ਕਾਊਂਟਰ ਇੰਟੈਲੀਜੈਂਸ ਵੱਲੋਂ ਹੈਂਡ ਗ੍ਰਨੇਡ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Punjab News: ਪੁਲੀਸ ਅਧਿਕਾਰੀਆਂ ਵੱਲੋਂ ਪੰਜਾਬ ਵਿੱਚ ਸੰਭਾਵੀ ਅਤਿਵਾਦੀ ਹਮਲਾ ਟਲਣ ਦਾ ਦਾਅਵਾ
Advertisement
Punjab News: ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅਤਿਵਾਦੀ ਹਮਲੇ ਨੂੰ ਟਾਲਣ ਦਾ ਦਾਅਵਾ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹਵਾਲੇ ਨਾਲ ਜਾਰੀ ਪ੍ਰੈੱਸ ਨੋਟ ’ਚ ਕਿਹਾ ਗਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫ਼ਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ) ਵਜੋਂ ਹੋਈ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗ਼ੈਰ-ਕਾਨੂੰਨੀ ਸਪਲਾਈ ਦਾ ਹਿੱਸਾ ਸਨ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਜਾਣਕਾਰੀ ਮੁਤਾਬਿਕ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਇਸ ਅਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲੀਸ (ਏ.ਆਈ.ਜੀ.) ਸੀ ਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲੀਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਅਤਿਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ।
ਇਸ ਪੁਖ਼ਤਾ ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦੇ ਹੋਏ ਸੀ ਆਈ ਬਠਿੰਡਾ ਦੀ ਪੁਲੀਸ ਟੀਮ ਨੇ ਮੋਗਾ-ਫ਼ਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ। ਏ ਆਈ ਜੀ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਮੁਸਤੈਦ ਤੇ ਸਰਗਰਮ ਕਾਰਵਾਈ ਸਦਕਾ ਅਣਸੁਖਾਵੀਂ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਇਸ ਸਬੰਧ ’ਚ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਫ਼ਾਜ਼ਿਲਕਾ ਵਿਖੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement
×

