Punjab News : ਬੇਮੌਸਮੇ ਮੀਂਹ ਕਾਰਨ ਫਸਲਾਂ ਡਿੱਗੀਆਂ, ਆਲੂ ਦੀ ਪੁਟਾਈ ਪ੍ਰਭਾਵਿਤ
ਕਿਸਾਨਾਂ ਨੇ ਸਰਕਾਰ ਨੂੰ ਨੁਕਸਾਨ ਦਾ ਜਾਇਜ਼ਾ ਲੈ ਕੇ ਮਦਦ ਮੁਹੱਈਆ ਕਰਵਾਉਣ ਦੀ ਕੀਤੀ ਮੰਗ
Punjab News : ਬਠਿੰਡਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਦੇ ਬਦਲੇ ਮਿਜ਼ਾਜ ਕਰਕੇ ਹੋਈ ਬੇਮੌਸਮੀ ਬਰਸਾਤ ਅਤੇ ਤੇਜ਼ ਹਾਵਾਵਾਂ ਚੱਲਣ ਕਾਰਨ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਦੋਹਰੇ ਸੰਕਟ ਵੱਲ ਧੱਕ ਦਿੱਤਾ ਹੈ। ਇਕ ਪਾਸੇ ਬਠਿੰਡਾ ਤੇ ਮਾਨਸਾ ਵਿੱਚ ਕਣਕ ਅਤੇ ਸਰੋਂ ਦੀਆਂ ਫਸਲਾਂ ਡਿੱਗ ਗਈਆਂ ਹਨ, ਉੱਥੇ ਹੀ ਦੂਜੇ ਪਾਸੇ ਆਲੂ ਦੀ ਫਸਲ ਦੀ ਪੁਟਾਈ ਵੀ ਪ੍ਰਭਾਵਿਤ ਹੋ ਰਹੀ ਹੈ।
ਇਸ ਸਮੇਂ ਮਾਲਵਾ ਖੇਤਰ ਵਿੱਚ ਆਲੂ ਦੀ ਪੁਟਾਈ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਸੀ ਪਰ ਲਗਾਤਾਰ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਜਮ੍ਹਾ ਹੋਣ ਕਰਕੇ ਕੰਮ ਰੁਕ ਰਿਹਾ ਹੈ। ਗਿੱਲੀ ਮਿੱਟੀ ਵਿੱਚ ਮਸ਼ੀਨਾਂ ਚਲਾਉਣੀਆਂ ਔਖੀਆਂ ਹੋ ਗਈਆਂ ਹਨ, ਜਿਸ ਕਰਕੇ ਪੁਟਾਈ ਦੀ ਰਫ਼ਤਾਰ ਸੁਸਤ ਪੈ ਗਈ ਹੈ। ਕਈ ਥਾਵਾਂ ‘ਤੇ ਮਜ਼ਦੂਰਾਂ ਨੂੰ ਵੀ ਕੰਮ ਕਰਨ ਵਿੱਚ ਦਿੱਕਤ ਆ ਰਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਆਲੂ ਦੀ ਪੁਟਾਈ ਨਾ ਹੋ ਸਕੀ ਤਾਂ ਫਸਲ ਦੀ ਗੁਣਵੱਤਾ ‘ਤੇ ਅਸਰ ਪੈ ਸਕਦਾ ਹੈ ਅਤੇ ਸਟੋਰੇਜ ਵਿੱਚ ਵੀ ਸਮੱਸਿਆਵਾਂ ਆ ਸਕਦੀਆਂ ਹਨ। ਸਿੱਟੇ ਵਜੋਂ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੇਲਣਾ ਪੈ ਸਕਦਾ ਹੈ।
ਇਸ ਦੇ ਨਾਲ ਹੀ ਕਣਕ ਦੀ ਡਿੱਗੀ ਹੋਈ ਫਸਲ ਨੇ ਪਹਿਲਾਂ ਹੀ ਕਿਸਾਨਾਂ ਦੀ ਮੁਸੀਬਤ ਵਧਾ ਦਿੱਤੀ ਹੈ। ਹੁਣ ਆਲੂ ਦੀ ਪੁਟਾਈ ਦੇ ਪ੍ਰਭਾਵਿਤ ਹੋਣ ਨਾਲ ਹਾਲਾਤ ਹੋਰ ਗੰਭੀਰ ਬਣ ਰਹੇ ਹਨ। ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਜਾਇਜ਼ਾ ਲੈ ਕੇ ਤੁਰੰਤ ਮਦਦ ਮੁਹੱਈਆ ਕਰਵਾਈ ਜਾਵੇ।

