Punjab News: ਲੱਖ ਰੁਪਏ ਰਿਸ਼ਵਤ ਲੈਂਦਾ ਡੀਐਸਪੀ ਦਾ ਪੀਐੱਸਓ ਕਾਬੂ
ਚੰਡੀਗੜ੍ਹ, 1 ਜੁਲਾਈ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਵਜੋਂ ਤਾਇਨਾਤ ਹੌਲਦਾਰ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਕਿਹਾ ਕਿ ਰਾਜ ਕੁਮਾਰ ਨੂੰ ਜ਼ਿਲ੍ਹਾ ਬਠਿੰਡਾ ਦੀ ਤਹਿਸੀਲ ਨਥਾਣਾ ਦੇ ਪਿੰਡ ਕਲਿਆਣ ਸੁੱਖਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਖੇਤੀਬਾੜੀ ਵਾਲੀ ਜ਼ਮੀਨ ਦੇ ਵਿਵਾਦ ਕਾਰਨ ਵਿਰੋਧੀ ਧਿਰ ਨੇ ਉਸ ਦੇ ਪਤੀ ਅਤੇ ਉਸਦੇ ਦੋਵੇਂ ਪੁੱਤਰਾਂ ਵਿਰੁੱਧ ਥਾਣਾ ਨਥਾਣਾ ਵਿਖੇ ਝੂਠਾ ਕੇਸ ਦਰਜ ਕਰਵਾਇਆ ਸੀ, ਜਿਸਦੀ ਜਾਂਚ ਡੀਐਸਪੀ ਭੁੱਚੋ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਰਾਜ ਕੁਮਾਰ ਨੇ ਦੋ ਫੋਨ ਕਰਦਿਆਂ ਦੱਸਿਆ ਕਿ ਉਸਨੇ ਇਸ ਮਾਮਲੇ ਦੀ ਮੁੜ ਜਾਂਚ ਕਰਨ ਲਈ ਡੀਐਸਪੀ ਨਾਲ ਗੱਲ ਕੀਤੀ ਹੈ ਅਤੇ ਰਿਪੋਰਟ ’ਤੇ ਸਿਰਫ਼ ਡੀਐਸਪੀ ਦੇ ਦਸਤਖਤ ਹੀ ਬਾਕੀ ਹਨ। ਕੇਸ ਨੂੰ ਰਫ਼ਾ ਦਫ਼ਾ ਕਰਵਾਉਣ ਲਈ ਉਸਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਦੀ ਪਹਿਲੀ ਕਿਸ਼ਤ ਲੈਂਦਿਆਂ ਉਸ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲੀਸ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।